ਪ੍ਰਭੂ ਦਿਆਲ
ਸਿਰਸਾ, 17 ਅਗਸਤ
ਇੱਥੋਂ ਦੇ ਪਿੰਡ ਕੇਹਰਵਾਲਾ ਵਿੱਚ ਜ਼ਮੀਨੀ ਵਿਵਾਦ ਕਾਰਨ ਨਥੌਰ ਤੋਂ ਆਏ 15 ਤੋਂ 20 ਵਿਅਕਤੀਆਂ ਵੱਲੋਂ ਇੱਕ ਵਿਅਕਤੀ ਦੀ ਕੁੱਟ ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਰਾਣੀਆਂ ਦੇ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਆਦਰਾਮ ਨੇ ਦੱਸਿਆ ਕਿ ਉਸ ਦਾ ਪਿੰਡ ਕੇਹਰਵਾਲਾ ਵਿੱਚ 3 ਕਿੱਲੇ ਅਤੇ 2 ਕਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਜ਼ਮੀਨ ਨੂੰ ਵਾਹੁਣ ਲਈ ਭੀਮ ਝੋਰੜ ਆਪਣੇ 15 ਤੋਂ 20 ਲੋਕਾਂ ਨਾਲ ਟਰੈਕਟਰ ਲੈ ਕੇ ਖੇਤ ਵਿੱਚ ਪਹੁੰਚ ਗਿਆ। ਉਨ੍ਹਾਂ ਵੱਲੋਂ ਜ਼ਮੀਨ ਵਾਹੁਣ ਆਏ ਲੋਕਾਂ ਨੂੰ ਰੋਕਣ ਲਈ ਬਹੁਤ ਯਤਨ ਕੀਤੇ ਗਏ। ਜਦੋਂ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਥੇ ਹੀ ਲੜਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪਹੁੰਚੇ ਲੋਕਾਂ ਨੇ ਉਸ ਅਤੇ ਉਸ ਦੇ ਦੋ ਪੁੱਤਰਾਂ ਦੀ ਕੁੱਟਮਾਰ ਕੀਤੀ। ਜ਼ਮੀਨ ’ਤੇ ਕਬਜ਼ਾ ਕਰਨ ਆਏ ਲੋਕਾਂ ਨੇ ਉਸ ਦੇ ਪੁੱਤਰ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਲੜਾਈ ਦੌਰਾਨ ਉਸ ਦੇ ਪੁੱਤਰ ਜੋਗਿੰਦਰ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਮੁੱਢਲੀ ਸਹਾਇਤਾ ਲਈ ਸਿਰਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਆਦਰਾਮ ਦੀ ਸ਼ਿਕਾਇਤ ’ਤੇ ਭੀਮ ਝੋਰੜ ਵਾਸੀ ਨਥੌਰ ਅਤੇ 15 ਤੋਂ 20 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।