ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਗਸਤ
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲੀਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ|