ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ ਕਵਿਤਾ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਮੰਗਲਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਮਾਮਲਿਆਂ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਸਬੰਧੀ ਦਿੱਲੀ ਹਾਈ ਕੋਰਟ ਦੇ ਪਹਿਲੀ ਜੁਲਾਈ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਕਵਿਤਾ ਦੀਆਂ ਅਰਜ਼ੀਆਂ ’ਤੇ ਸੁਣਵਾਈ ਕਰਦਿਆਂ ਸਿਖਰਲੀ ਅਦਾਲਤ ਨੇ 12 ਅਗਸਤ ਨੂੰ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਕੋਲੋਂ ਜਵਾਬ ਮੰਗੇ ਸਨ।
ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 20 ਅਗਸਤ ਦੀ ਕਾਰਜ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦਾ ਬੈਂਚ ਕਵਿਤਾ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਕਵਿਤਾ ਵੱਲੋਂ 12 ਅਗਸਤ ਨੂੰ ਪੇਸ਼ ਹੋਏ ਵਕੀਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਕਵਿਤਾ ਨੂੰ ਵੀ ਜ਼ਮਾਨਤ ਦਾ ਅਧਿਕਾਰ ਹੈ। -ਪੀਟੀਆਈ