ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਰਜਕਾਰੀ ਵਾਈਸ ਚਾਂਸਲਰ ਵੱਲੋਂ ਗੈਸਟ ਫੈਕਲਟੀ ਅਧਿਆਪਕਾਂ ਦੀ ਮੁੜ ਇੰਟਰਵਿਊ ਲੈਣ ਦਾ ਫ਼ਰਮਾਨ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਨੂੰ ਪਹਿਲਾਂ ਦੀ ਤਰ੍ਹਾਂ ਨਿਰਧਾਰਤ ਤਨਖਾਹ ’ਤੇ ਬਗੈਰ ਇੰਟਰਵਿਊ ਪੂਰੇ ਸਾਲ ਲਈ ਕੰਮ ਕਰਨ ਦੇ ਹੁਕਮ ਦੀ ਨਿਰੰਤਰਤਾ ਬਣਾਈ ਰੱਖਣ ਦੀ ਮੰਗ ਕੀਤੀ ਹੈ।
ਸੰਸਥਾ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਸੂਬਾ ਪ੍ਰਧਾਨ ਸੁਰਜੀਤ ਜੱਜ ਤੇ ਸੂਬਾਈ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਾਰਜਸ਼ੀਲ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੂਰੇ ਪੇਅ ਸਕੇਲ ਮੁਤਾਬਕ ਪੱਕਾ ਕੀਤਾ ਜਾਣਾ ਚਾਹੀਦਾ ਹੈ, ਪਰ ਇਸ ਦੇ ਉਲਟ ਯੂਨੀਵਰਸਿਟੀ ਪ੍ਰਸ਼ਾਸਨ ਇਨ੍ਹਾਂ ਅਧਿਆਪਕਾਂ ਦੀ ਰੋਜ਼ੀ ਰੋਟੀ ’ਤੇ ਹਮਲਾ ਕਰ ਰਿਹਾ ਹੈ। ਪ੍ਰਗਤੀਸ਼ੀਲ ਲੇਖਕ ਸੰਘ ਨੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜੇਕਰ ਇਹ ਫ਼ਰਮਾਨ ਨਹੀਂ ਵਾਪਸ ਲਿਆ ਜਾਂਦਾ ਤਾਂ ਉਹ ਵੀ ਅਧਿਆਪਕਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣਗੇ।