ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁੱਢਲੇ ਕੀਮਤੀ ਸਮੇਂ ਦੌਰਾਨ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਸੂਬਾ ਸਰਕਾਰ ਨੇ ‘ਫ਼ਰਿਸ਼ਤੇ ਸਕੀਮ’ ਦੀ ਸ਼ੁਰੂਆਤ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਪ੍ਰਗਟਾਵਾ ਦੋਵਾਂ ਕੈਬਨਿਟ ਮੰਤਰੀਆਂ ਨੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਗਸੀਪਾ ’ਚ ‘ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ’ ਬਾਰੇ ਕਰਵਾਈ ਗਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 2025 ਤੱਕ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮੌਤਾਂ ਦੀ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸ ਮੌਕੇ ਕੋਲਕਾਤਾ ਘਟਨਾ ਦੀ ਪੀੜਤਾ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਫ਼ੋਰਸ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਪਿਛਲੇ ਵਰ੍ਹੇ ਨਾਲੋਂ 45 ਫ਼ੀਸਦੀ ਮੌਤ ਦਰ ਘਟੀ ਹੈ। ਫ਼ਰਿਸ਼ਤੇ ਸਕੀਮ ਤਹਿਤ 500 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿੱਥੇ ਸੜਕ ਹਾਦਸਿਆਂ ਦੇ ਪੀੜਤਾਂ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।