ਪੱਤਰ ਪ੍ਰੇਰਕ
ਪਟਿਆਲਾ, 20 ਅਗਸਤ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈੱਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਲੱਗਾ ਪੱਕਾ ਧਰਨਾ ਅੱਜ 31 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਧਰਨੇ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ ਅਤੇ ਵਿਦਿਆਰਥੀਆ ਜਥੇਬੰਦੀਆਂ ਸਣੇ ਬੁੱਧੀਜੀਵੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਆਗੂ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਗ ਸਿੱਖਿਆ ਦਾ ਭੋਗ ਪਾਉਣ ਲੱਗੀ ਹੋਈ ਹੈ ਅਤੇ ਕੱਚੇ ਸਹਾਇਕ ਪ੍ਰੋਫੈਸਰਾਂ ਤੋਂ ਵੀ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।
ਡਾ. ਦਰਸ਼ਨ ਪਾਲ ਨੇ ਕਿਹਾ ਜੇ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀ ਪ੍ਰਵਾਨਗੀ ਜਲਦ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਡੀ ਯੂਨੀਅਨ ਹੋਰ ਵੱਡੀ ਗਿਣਤੀ ਵਿੱਚ ਧਰਨੇ ਵਿਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਕਾਰਜਕਾਰੀ ਉਪ ਕੁਲਪਤੀ ਦੀ ਜਗ੍ਹਾ ’ਤੇ ਅਕਾਦਮਿਕ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾਵੇ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਪੰਜਾਬ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਸਰਕਾਰ ਦੀ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਅੱਜ ਸਮੁੱਚੇ ਅਧਿਆਪਕ ਵਰਗ ਦਾ ਸ਼ੋਸ਼ਣ ਹੋ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਤੋਂ ਸੇਵਾਮੁਕਤ ਹੋਈ ਪ੍ਰੋਫੈਸਰ ਡਾ. ਚਰਨਜੀਤ ਕੌਰ ਨੇ ਧਰਨੇ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਅਧਿਆਪਕ ਵਰਗ ਸਮਾਜ ਲਈ ਮਾਰਗ ਦਰਸ਼ਨ ਦਾ ਕੰਮ ਕਰਦੇ ਹਨ। ਇਸ ਕਰਕੇ ਇਨ੍ਹਾਂ ਸਹਾਇਕ ਪ੍ਰੋਫੈਸਰ (ਗੈੱਸਟ ਫੈਕਲਟੀ) ਨੂੰ ਸੜਕਾਂ ਉੱਪਰ ਰੋਲਣ ਦੀ ਬਜਾਏ ਪ੍ਰਵਾਨਗੀ ਦੇ ਕੇ ਇਨ੍ਹਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਤੋਂ ਸੁਖਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਗੈਸਟ ਟੀਚਰ ਐਸੋਸੀਏਸ਼ਨ ਤੋਂ ਸਹਾਇਕ ਪ੍ਰੋਫੈਸਰ ਸਰਬਜੀਤ ਕੌਰ ਬਾਵਾ, ਮੈਰੀਟੋਰੀਅਸ ਟੀਚਰ ਯੂਨੀਅਨ ਤੋਂ ਪਰਮਜੀਤ ਸਿੰਘ, ਪੰਜਾਬੀ ਸਾਹਿਤ ਅਕਾਦਮੀ ਤੋਂ ਅਰਵਿੰਦ ਕੌਰ ਕਾਕੜਾ, ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਡਾਕਟਰ ਕੁਲਦੀਪ ਸਿੰਘ ਦੀਪ, ਵਿਦਿਆਰਥੀ ਜਥੇਬੰਦੀ ਪੀਐੱਸਯੂ ਤੋਂ ਅਮਨਦੀਪ ਸਿੰਘ ਅਤੇ ਪੀਆਰਐਸਯੂ ਤੋਂ ਰਸਪਿੰਦਰ ਜਿਮੀਂ ਨੇ ਪੰਜਾਬ ਦੀ ਸਿੱਖਿਆ ਵਿਵਸਥਾ, ਨੌਜਵਾਨੀ ਅਤੇ ਬੇਰੁਜ਼ਗਾਰੀ ਸਬੰਧੀ ਵਿਚਾਰ ਰੱਖੇ। ਐੱਸਐੱਫਆਈ, ਏਐੱਸਐੱਫਆਈ, ਪੀਐੱਸਯੂ (ਲਲਕਾਰ) ਨੇ ਗੈਸਟ ਫੈਕਲਟੀ ਦੇ ਧਰਨੇ ਨੂੰ ਸਮਰਥਨ ਦਿੱਤਾ। ਅੰਤ ਵਿੱਚ ਸਹਾਇਕ ਪ੍ਰੋਫੈਸਰ (ਗੈਸਟ ਫੈਕਲਟੀ) ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਿਹਾ ਗਿਆ ਜਦੋਂ ਤੱਕ ਤੱਕ ਮੰਗ ਪੂਰੀ ਨਹੀਂ ਹੁੰਦੀ।ਇਸ ਮੌਕੇ ਡਾ. ਕੁਲਦੀਪ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ।