ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 21 ਅਗਸਤ
ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੀ ਜਨ ਆਸ਼ੀਰਵਾਦ ਰੈਲੀ ਵਿੱਚ ਅੱਜ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸ਼ਹਿਰ ਦੇ ਵਿਧਾਇਕ ਅਸੀਮ ਗੋਇਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸੂਬੇ ਵਿਚ ਵਿਕਾਸ ਕਾਰਜਾਂ ਦਾ ਹੜ੍ਹ ਆਇਆ ਹੈ। ਜਿੰਨੇ ਵਿਕਾਸ ਕਾਰਜ ਭਾਜਪਾ ਸਰਕਾਰ ਨੇ 10 ਸਾਲਾਂ ਵਿਚ ਕੀਤੇ ਹਨ ਇੰਨੇ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਰਲ਼ ਕੇ ਵੀ ਨਹੀਂ ਕਰਵਾਏ। ਮੁੱਖ ਮੰਤਰੀ ਸੈਣੀ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਚ ਤੀਜੀ ਵਾਰ ਵੀ ਭਾਜਪਾ ਦੀ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੰਬਾਲਾ ਸ਼ਹਿਰ ਵਿਧਾਨ ਸਭਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਅੰਬਾਲਾ ਸ਼ਹਿਰ ਵਿੱਚ ਸਵਾਗਤੀ ਗੇਟ ਬਣਾਇਆ ਗਿਆ, ਬਹੁਤ ਸਾਰੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ, ਬੱਚਿਆਂ ਦੀ ਪੜ੍ਹਾਈ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਅਤੇ ਟੀ.ਬੀ ਹਸਪਤਾਲ ਸਮੇਤ ਕਈ ਸਿਹਤ ਸੰਸਥਾਵਾਂ ਦਾ ਨਿਰਮਾਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਸਟੈਂਡ ਬਣਾਇਆ ਗਿਆ ਹੈ। ਨਿਰਮਾਣ ਕਾਰਜਾਂ ਦਾ ਇਹ ਸਿਲਸਿਲਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।