ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਵੱਡੀ ਗਿਣਤੀ ਖੇਤ ਮਜ਼ਦੂਰਾਂ ਨੇ ਅੱਜ ਇੱਥੇ ਪੁਲੀਸ ਵੱਲੋਂ ਰੋਕੇ ਜਾਣ ’ਤੇ ਸੜਕ ਉੱਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਮਜ਼ਦੂਰਾਂ ਨੇ ਪੰਜਾਬ ਸਰਕਾਰ ’ਤੇ ਖੇਤ ਮਜ਼ਦੂਰਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਮਜ਼ਦੂਰਾਂ ਨੂੰ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਮੂਨਕ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਖੇਤ ਮਜ਼ਦੂਰਾਂ ਨਾਲ ਜਮਾਤੀ ਵਿਰੋਧ ਕਾਰਨ ਉਨ੍ਹਾਂ ਨੂੰ ਬਰਾਬਰ ਦੇ ਨਾਗਰਿਕ ਸਮਝਣ ਅਤੇ ਬਣਦਾ ਮਾਣ ਸਨਮਾਨ ਦੇਣ ਤੋਂ ਪਾਸਾ ਵੱਟ ਰਹੀ ਹੈ, ਜਿਸ ਨੂੰ ਮਜ਼ਦੂਰ ਹੁਣ ਬਹੁਤੀ ਦੇਰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਗਰੰਟੀ ਕਰਵਾਉਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਾਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ ਤੇ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਲ ਭਰ ਕੰਮ ਦੇਣ ਆਦਿ ਮੰਗਾਂ ਨੂੰ ਲੈ ਕੇ ਇਹ ਧਰਨਾ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਦਿੱਤਾ ਗਿਆ ਹੈ।
ਧਰਨਾਕਰੀਆਂ ਨੇ ਇੱਕ ਮਤਾ ਪਾਸ ਕਰ ਕੇ ਕੋਲਕਾਤਾ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਨਾਲ ਬਲਾਤਕਾਰ ਤੇ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਧਰਨੇ ਨੂੰ ਮਜ਼ਦੂਰ ਆਗੂ ਗੋਪੀ ਗਿਰ, ਬਲਵਿੰਦਰ ਸਿੰਘ ਕੱਲਰ ਭੈਣੀ, ਹਰਵਿੰਦਰ ਸਿੰਘ ਦੀਵਾਨਾ, ਗੁਰਜੰਟ ਸਿੰਘ ਢੀਡਸਾ, ਗੁਰਜੰਟ ਸਿੰਘ ਲਹਿਲ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਆਗੂ ਅਮਰਜੀਤ ਕੌਰ ਬਡਬਰ, ਕਮਲਜੀਤ ਕੌਰ ਬਰਨਾਲਾ, ਪੰਜਾਬ ਸਟੂਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਆਦਿ ਨੇ ਸੰਬੋਧਨ ਕੀਤਾ।