ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਐੱਚਆਈਵੀ ਪੀੜਤਾਂ ਨੂੰ ਐਂਟੀ-ਰੈਟਰੋਵਾਇਰਲ ਥੈਰੇਪੀ ਸੈਂਟਰ ਤੱਕ ਮਹੀਨੇ ਵਿੱਚ ਇੱਕ ਵਾਰ ਮੁਫ਼ਤ ਆਉਣ-ਜਾਣ ਦੀ ਸਹੂਲਤ ਦੇਣ ਲਈ ਮੁਫ਼ਤ ਬੱਸ ਸਫ਼ਰ ਮੁਹੱਈਆ ਕਰਵਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਹੀ ਐੱਚਆਈਵੀ ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਤੋਂ ਬਾਅਦ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਕੌਂਸਲ ਨੇ ਪੀੜਤਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ ਲੈਣ ਲਈ ਐਂਟੀ ਰੈਟਰੋਵਾਇਰਲ ਥੈਰੇਪੀ ਸੈਂਟਰ ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ।