ਹਰਪ੍ਰੀਤ ਕੌਰ
ਹੁਸ਼ਿਆਰਪੁਰ, 22 ਅਗਸਤ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸੱਦੇ ’ਤੇ ਪੰਜਾਬ ਜਲ ਸਰੋਤ ਦੇ ਮੁਲਾਜ਼ਮਾਂ ਵੱਲੋਂ ਨਹਿਰ ਕਲੋਨੀ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਸਾਂਝਾ ਫਰੰਟ ਦੇ ਕਨਵੀਨਰ ਸਤੀਸ਼ ਰਾਣਾ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ 25 ਜੁਲਾਈ, ਫਿਰ 2 ਅਗਸਤ ਅਤੇ ਹੁਣ 22 ਅਗਸਤ ਦੀ ਮੀਟਿੰਗ ਮੁਲਤਵੀ ਕਰ ਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ ਜਿਸ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਅ ਕਮਿਸ਼ਨ ਦੀ ਰਿਪੋਰਟ ਦਾ ਦੂਜਾ ਹਿੱਸਾ ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਇੰਜ ਹੀ ਨਾ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ 236 ਮਹੀਨੇ ਦਾ ਮਹਿੰਗਾਈ ਭੱਤੇ ਦਾ ਬਕਾਇਆ ਦਿੱਤਾ ਜਾ ਰਿਹਾ ਹੈ। ਸਤੀਸ਼ ਰਾਣਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਮੰਗਾਂ ਦਾ ਨਿਪਟਾਰਾ ਤੁਰੰਤ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਸਤੰਬਰ ਨੂੰ ਡੇਰਾ ਬਾਬਾ ਨਾਨਕ ਅਤੇ ਗਿੱਦੜਵਾਹਾ ਵਿਖੇ ਖੇਤਰੀ ਰੈਲੀਆਂ ਕੀਤੀਆਂ ਜਾਣਗੀਆਂ।