ਪੱਤਰ ਪ੍ਰੇਰਕ
ਪਟਿਆਲਾ, 22 ਅਗਸਤ
ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਪਟਿਆਲਾ ਸਰਕਲ ਵੱਲੋਂ ਪੰਜਾਬ ਸਰਕਾਰ ਦੀ ਅਰਥੀਆਂ ਸਾੜੀ ਗਈ। ਪੈਨਸ਼ਨਰਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ ਅਤੇ ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਮੰਚ ਦੀਆਂ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਮੀਟਿੰਗਾਂ ਨਾ ਕਰਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਦੀਆਂ ਡਿਵੀਜ਼ਨਾਂ ਅਤੇ ਸਰਕਲਾਂ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦੇ ਫ਼ੈਸਲੇ ਅਨੁਸਾਰ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਵੇਲੇ ਸੂਬਾਈ ਜਨਰਲ ਸਕੱਤਰ ਬੀਐੱਸ ਸੇਖੋਂ, ਰਾਜ ਠਾਕੁਰ ਅਤੇ ਸ਼ਿਵ ਦੇਵ ਸਿੰਘ ਪ੍ਰਧਾਨ ਪਟਿਆਲਾ ਹਾਜ਼ਰ ਸਨ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਦੇ ਹੱਲ ਲਈ ਟਾਲ-ਮਟੋਲ ਦੀ ਨੀਤੀ ਅਪਣਾ ਕੇ ਡੰਗ ਟਪਾ ਕਰ ਰਹੀ ਹੈ। ਜਥੇਬੰਦੀ ਵੱਲੋਂ 15 ਅਗਸਤ ਤੋਂ 20 ਅਗਸਤ ਤੱਕ ਸਾਰੇ ਪੰਜਾਬ ਦੇ 117 ਵਿਧਾਇਕਾਂ ਅਤੇ 13 ਸੰਸਦ ਮੈਂਬਰਾਂ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ ਸੀ ਪ੍ਰੰਤੂ 21 ਅਗਸਤ ਤੱਕ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਤੇ ਨਾ ਹੀ ਮੀਟਿੰਗ ਦਾ ਸਮਾਂ ਦਿੱਤਾ ਗਿਆ। ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਮਸਲੇ ਹੱਲ ਨਾ ਹੋਣ ਕਰ ਕੇ ਜਥੇਬੰਦੀ ਨੂੰ ਰੋਸ ਵਜੋਂ ਅੱਜ ਦਾ ਇਹ ਅਰਥੀ ਫ਼ੂਕ ਮੁਜ਼ਾਹਰਾ ਕਰਨਾ ਪਿਆ। ਅੱਜ ਦੇ ਇਸ ਪ੍ਰੋਗਰਾਮ ਵਿੱਚ ਬ੍ਰਿਜ ਮੋਹਨ ਚੋਪੜਾ, ਜਗਦੀਸ਼ ਸਿੰਘ, ਰਾਜਿੰਦਰ ਸਿੰਘ ਸੰਧੂ, ਭੁਪਿੰਦਰ ਠਾਕੁਰ ਆਦਿ ਹਾਜ਼ਰ ਸਨ।