ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 22 ਅਗਸਤ
ਭਾਕਿਯੂ (ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਬਣਾਉਣ ਲਈ 27 ਅਗਸਤ ਤੋਂ ਪੰਜ ਰੋਜ਼ਾ ਪੱਕੇ ਮੋਰਚੇ ਲਈ ਕਮਰਕੱਸੇ ਕਰ ਲਏ ਗਏ ਹਨ। ਪਿੰਡ ਫੱਲੇਵਾਲ, ਨਾਰੰਗਵਾਲ ਅਤੇ ਨੰਗਲ ਖ਼ੁਰਦ ਵਿੱਚ ਕਿਸਾਨਾਂ ਦੀਆਂ ਭਰਵੀਂਆਂ ਮੀਟਿੰਗਾਂ ’ਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜ਼ਿਲ੍ਹਾ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਅਤੇ ਬਲਾਕ ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਨਾਰੰਗਵਾਲ ਨੇ ਕਿਹਾ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਲਈ ਸੂਬਾ ਸਰਕਾਰ ਆਪਣੇ ਵਾਅਦੇ ਤੋਂ ਪਿੱਠ ਮੋੜ ਕੇ ਖੜ੍ਹ ਗਈ ਹੈ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਖ਼ਰਾਬੇ ਦੇ ਮੁਆਵਜ਼ੇ ਦੀ ਅਦਾਇਗੀ ਨਹੀਂ ਕੀਤੀ ਗਈ। ਇਸੇ ਤਰ੍ਹਾਂ ਹੋਰ ਕਿਸਾਨੀ ਮੰਗਾਂ ਲਈ 27 ਤੋਂ 31 ਅਗਸਤ ਤੱਕ 5 ਰੋਜ਼ਾ ਮੋਰਚੇ ਡੀਸੀ ਦਫ਼ਤਰ ਲੁਧਿਆਣਾ ਦੇ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ, ਜਿਸ ਦੀ ਤਿਆਰੀ ਲਈ ਰੂਪ-ਰੇਖਾ ਬਣਾਈ ਗਈ ਹੈ। ਆਗੂਆਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਨਵੀਂ ਖੇਤੀ ਨੀਤੀ ਬਣਾਉਣ ਲਈ ਵਾਅਦੇ ਅਤੇ ਐਲਾਨ ਤਾਂ ਕਰਦੀਆਂ ਹਨ, ਪਰ ਇਨ੍ਹਾਂ ’ਤੇ ਅਮਲ ਨਹੀਂ ਹੁੰਦਾ। ਮੀਟਿੰਗ ਵਿੱਚ ਮੌਜੂਦ ਨਿਰਮਲ ਸਿੰਘ, ਬਲਦੇਵ ਸਿੰਘ ਨੰਗਲ, ਸਤਪਾਲ ਸਿੰਘ, ਰਾਜਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂਆਂ ਨੇ ਮੋਰਚੇ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ ਹੈ।