ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਅਗਸਤ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਡਾ. ਨਵਜੋਤ ਕੌਰ ਵੱਲੋਂ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਮਿਲਣ ਤੋਂ ਬਾਅਦ ਸਫ਼ਾਈ ਸੇਵਕਾਂ ਨੇ ਲੜੀਵਾਰ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੱਦੇ ’ਤੇ ਸਮੂਹ ਸਫ਼ਾਈ ਸੇਵਕ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ’ਤੇ ਹਨ ਜਿਸ ਕਾਰਨ ਸ਼ਹਿਰ ਵਿੱਚ ਚਾਰ-ਚੁਫੇਰੇ ਗੰਦਗੀ ਫੈਲੀ ਹੋਈ ਸੀ। ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
ਸ਼ੁੱਕਰਵਾਰ ਨੂੰ ਸਫ਼ਾਈ ਸੇਵਕਾਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਮੇਅਰ ਅਤੇ ਕਮਿਸ਼ਨਰ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ ਸੀ ਅਤੇ 27 ਅਗਸਤ ਨੂੰ ਮੇਅਰ ਅਤੇ ਸਹਾਇਕ ਕਮਿਸ਼ਨਰ ਦੇ ਘਰਾਂ ਅੱਗੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਸ਼ਹਿਰ ਵਿੱਚ ਫੈਲੀ ਗੰਦਗੀ ਨੂੰ ਦੇਖਦੇ ਹੋਏ ਅੱਜ ਛੁੱਟੀ ਵਾਲੇ ਦਿਨ ਮੇਅਰ ਨੇ ਸਫ਼ਾਈ ਮਜ਼ਦੂਰਾਂ ਦੀ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਐਮਰਜੈਂਸੀ ਮੀਟਿੰਗ ਸੱਦੀ ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਅਤੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਪਵਨ ਗੋਡਯਾਲ ਹਾਜ਼ਰ ਸਨ। ਪਵਨ ਨੇ ਕਿਹਾ ਕਿ ਪਹਿਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਅਨੁਸਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾਲ ਸਬੰਧਤ ਮਤਾ ਏਜੰਡੇ ਵਿੱਚ ਸ਼ਾਮਲ ਨਾ ਕੀਤੇ ਕਾਰਨ ਸਫ਼ਾਈ ਕਾਮਿਆਂ ਵਿੱਚ ਭਾਰੀ ਰੋਸ ਸੀ।
ਮੇਅਰ ਨੇ ਭਰੋਸਾ ਦਿੱਤਾ ਕਿ ਡੀਸੀ ਰੇਟ ’ਤੇ ਮੁਹਾਲੀ ਵਿੱਚ ਸਫ਼ਾਈ ਸੇਵਕਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੂੜੇਦਾਨਾਂ ਦੀ ਗਿਣਤੀ ਵਧਾਈ ਜਾਵੇਗੀ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਹੜਤਾਲ ਪੀਰੀਅਡ ਦੀ ਰੋਕੀ ਗਈ ਤਨਖ਼ਾਹ ਵੀ ਸਫ਼ਾਈ ਸੇਵਕਾਂ ਨੂੰ ਜਲਦੀ ਰਿਲੀਜ਼ ਕੀਤੀ ਜਾਵੇਗੀ।
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਪਵਨ ਗੋਡਯਾਲ ਨੇ ਕਿਹਾ ਕਿ ਭਾਵੇਂ ਮੇਅਰ ਅਤੇ ਕਮਿਸ਼ਨਰ ਦੇ ਭਰੋਸੇ ’ਤੇ ਅੱਜ ਹੜਤਾਲ ਖ਼ਤਮ ਕਰ ਦਿੱਤੀ ਹੈ ਪ੍ਰੰਤੂ ਜੇਕਰ ਹੁਣ ਮੇਅਰ ਅਤੇ ਕਮਿਸ਼ਨਰ ਆਪਣੇ ਵਾਅਦੇ ਤੋਂ ਪਿੱਛੇ ਹਟੇ ਤਾਂ ਆਉਂਦੇ ਦਿਨਾਂ ਵਿੱਚ ਸ਼ਹਿਰ ਦੀ ਸਫ਼ਾਈ ਦਾ ਕੰਮ ਬੰਦ ਕਰਕੇ ਸਾਰੇ ਸਫ਼ਾਈ ਸੇਵਕ ਮੁੜ ਲੜੀਵਾਰ ਹੜਤਾਲ ਸ਼ੁਰੂ ਕਰਨ ਲਈ ਮਜਬੂਰ ਹੋਣਗੇ।