ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਪਾਸੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਵਿੱਚ ਸੱਦਿਆ ਜਾ ਰਿਹਾ ਹੈ, ਦੂਜੇ ਪਾਸੇ ਉਨ੍ਹਾਂ ਦੀ ਸੁਰੱਖਿਆ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਇਕ ਐੱਨਆਰਆਈ ਦੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਦੇ ਸਾਹਮਣੇ ਨੌਜਵਾਨ ਨੂੰ ਗੋਲੀਆਂ ਮਾਰਨ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ’ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਪੰਜਾਬ ’ਚ ਭਾਸ਼ਣ ਦੀ ਨਹੀਂ ਐਕਸ਼ਨ ਦੀ ਜ਼ਰੂਰਤ ਹੈ।
ਪਰਿਵਾਰਕ ਝਗੜੇ ’ਤੇ ਸਿਆਸਤ ਕਰ ਰਹੀ ਹੈ ਵਿਰੋਧੀ ਧਿਰ: ਗਰਗ
ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਵਿਰੋਧੀ ਧਿਰ ਪਰਿਵਾਰਕ ਝਗੜੇ ਨੂੰ ਲੈ ਕੇ ਵੀ ਸਿਆਸਤ ਕਰ ਰਹੀ ਹੈ, ਜਦੋਂ ਕਿ ਵਿਰੋਧੀ ਧਿਰ ਨੂੰ ਪਰਿਵਾਰਕ ਝਗੜੇ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਹੈ। ਇਸ ਘਟਨਾ ਨੂੰ ਜਾਣਬੁੱਝ ਕੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨਆਰਆਈ ਵਿਅਕਤੀ ਦੇ ਪਰਿਵਾਰ ਨੇ ਬਿਆਨ ਦਿੱਤਾ ਕਿ ਉਸ ’ਤੇ ਉਸ ਦੀ ਸਾਬਕਾ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕੀਤਾ ਸੀ। ਇਹ ਪੂਰੀ ਤਰ੍ਹਾਂ ਪਰਿਵਾਰਕ ਮਾਮਲਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਵਿਰੋਧੀ ਧਿਰ ਦੇ ਕਈ ਆਗੂ ਇਸ ’ਤੇ ਸਿਆਸਤ ਕਰ ਰਹੇ ਹਨ। ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡੀਜੀਪੀ ਨੂੰ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।