ਪ੍ਰਭੂ ਦਿਆਲ
ਸਿਰਸਾ, 24 ਅਗਸਤ
ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਮਗਰੋਂ ਕਿਸਾਨਾਂ ਵਿੱਚ ਰੋਹ ਹੈ। ਬੀਕੇਈ ਦੇ ਪ੍ਰਧਾਨ ਵੱਲੋਂ ਪੁਲੀਸ ਕੋਲ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਲੰਘੀ ਦੇਰ ਰਾਤ ਨੂੰ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਮੁਹਿੰਮ ਤਹਿਤ ਕਿਸਾਨਾਂ ਨੂੰ ਤਰੀਕਾਂ ਬਦਲ ਕੇ ਨਕਲੀ ਅਤੇ ਘਟੀਆ ਕੀਟਨਾਸ਼ਕਾਂ, ਖਾਦਾਂ ਅਤੇ ਬੀਜ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਚਲਦਿਆਂ ਸਿਰਸਾ, ਫਤਿਹਾਬਾਦ ਅਤੇ ਹਿਸਾਰ ’ਚ ਗਲਤ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਖੇਤੀ ਵਿਭਾਗ ਕਾਰਵਾਈ ਕਰ ਰਿਹਾ ਹੈ। ਵਿਭਾਗ ਵੱਲੋਂ ਕਈ ਫਰਮਾਂ ਦੇ ਲਾਇਸੈਂਸ ਮੁਅੱਤਲ ਅਤੇ ਰੱਦ ਵੀ ਕੀਤੇ ਗਏ ਹਨ। ਇਸ ਕਾਰਵਾਈ ਕਾਰਨ ਲੰਘੀ ਰਾਤ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀ ਫ਼ੋਨ ਆਇਆ। ਨੰਬਰ ਬਲਾਕ ਕਰਨ ਮਗਰੋਂ ਇਕ ਹੋਰ ਨੰਬਰ ਤੋਂ ਮੁੜ ਫੋਨ ਆਇਆ ਤੇ ਕਿਸਾਨਾਂ ਦੀ ਅਗਵਾਈ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।