ਪੱਤਰ ਪ੍ਰੇਰਕ
ਜੈਤੋ, 24 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਹੱਕ ਵਿੱਚ ਅੱਜ ਇੱਥੇ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀ ਆਗੂਆਂ ਸੁਖਬੀਰ ਸਿੰਘ, ਸੁਨੀਲ, ਜਤਿਨ, ਸੀਮਾ ਰਾਣੀ, ਸਿਮਰਨਜੀਤ ਕੌਰ ਨੇ ਇਸ ਮੌਕੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਇੱਕ ਪਾਸੇ ਤਾਂ ਹਕੂਮਤ ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਦੀ ਹੈ, ਦੂਜੇ ਪਾਸੇ ਉਹ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਤਬਾਹ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਛੜੇ ਇਲਾਕਿਆਂ ਜੈਤੋ, ਮਾਨਸਾ, ਰਾਮਪੁਰਾ ਫੂਲ, ਘੁੱਦਾ, ਚੁੰਨੀ ਕਲਾਂ ਆਦਿ ਦੇ ਨੇਬਰਹੁੱਡ ਅਤੇ ਕਾਂਸਟੀਚੂਐਂਟ ਕਾਲਜਾਂ ਦੇ ਗੈਸ ਫੈਕਲਟੀ ਪ੍ਰੋਫ਼ੈਸਰਾਂ ਨੂੰ ਨੌਕਰੀਓਂ ਕੱਢਣ ਦੀ ਤਿਆਰੀ ਵਿੱਢੀ ਹੋਈ ਹੈ, ਹਾਲਾਂ ਕਿ ਇਨ੍ਹਾਂ ਅਦਾਰਿਆਂ ’ਚ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲਜਾਂ ’ਚ ਕਰੀਬ 280 ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ। ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਕੇ.ਕੇ. ਯਾਦਵ ਵੱਲੋਂ ਲੰਮੇ ਸਮੇਂ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਅਕਾਦਮਿਕ ਸੈਸ਼ਨ 2024-25 ਲਈ ਪ੍ਰਵਾਨਗੀ ਦੇਣ ਦੀ ਥਾਂ ਦੁਬਾਰਾ ਤੋਂ ਉਨ੍ਹਾਂ ਦੀ ਇੰਟਰਵਿਊ ਰੱਖ ਲਈ ਹੈ। ਇਸ ਕਾਰਨ ਗੈਸਟ ਫੈਕਲਟੀ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਵਿੱਚ ਪਿਛਲੇ ਮਹੀਨੇ ਤੋਂ ਪੱਕੇ ਧਰਨੇ ’ਤੇ ਬੈਠੇ ਹੋਏ ਹਨ। ਪੀਐੱਸਯੂ ਆਗੂਆਂ ਨੇ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪ੍ਰਸ਼ਾਸਨ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਮੰਗਾਂ ਮੰਨ ਕੇ, ਉਨ੍ਹਾਂ ਨੂੰ ਕਾਲਜਾਂ ਵਿੱਚ ਪੜ੍ਹਾਉਣ ਲਈ ਵਾਪਸ ਭੇਜੇ। ਉਨ੍ਹਾਂ ਕੱਚੇ ਪ੍ਰੋਫੈਸਰਾਂ ਨੂੰ ਪੱਕੇ ਕਰਨ ਦੀ ਮੰਗ ਵੀ ਕੀਤੀ।