ਸ੍ਰੀ ਗੋਇੰਦਵਾਲ ਸਾਹਿਬ: ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤ ਦਿਵਸ ਮਨਾਉਣ ਦੀਆਂ ਦੋ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 15 ਤੋਂ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮਨਾਈਆਂ ਜਾ ਰਹੀਆਂ ਹਨ। ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਅੱਜ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਵਿੱਚ ਲੰਗਰ ਹਾਲ ਦੀ ਇਮਾਰਤ ਦੇ ਚੌਥੇ ਪੜਾਅ ਦੇ ਲੈਂਟਰ ਪਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆ ਦੀ ਗੂੰਜ ਵਿੱਚ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ। ਸ਼ਤਾਬਦੀ ਸਮਾਗਮਾਂ ਦੇ ਇੰਚਾਰਜ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ ਸੰਗਤ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਲੰਗਰ ਹਾਲ ਨੂੰ ਵੱਡਾ ਕਰਨ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਇਸ ਸੇਵਾ ਨੂੰ ਸ਼ਤਾਬਦੀ ਸਮਾਗਮਾਂ ਤੋਂ ਪਹਿਲਾ ਸੰਪੂਰਨ ਕਰ ਲਿਆ ਜਾਵੇਗਾ। -ਪੱਤਰ ਪ੍ਰੇਰਕ