ਪੱਤਰ ਪ੍ਰੇਰਕ
ਬਠਿੰਡਾ, 25 ਅਗਸਤ
ਸਮਾਜਿਕ ਅਤੇ ਸਿਆਸੀ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੰਜਾਬ ਦੇ ਆਰਥਿਕ ਅਤੇ ਸਮਾਜਿਕ ਭਵਿੱਖ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਉਸਾਰਨ ਲਈ ਜ਼ਰੂਰੀ ਲੋੜਾਂ ’ਤੇ ਜ਼ੋਰ ਦੇਣ ਦੀ ਅਪੀਲ ਕਰਦਿਆਂ ਤੇਜ਼ੀ ਨਾਲ ਵੱਧ ਰਹੇ ਜਨਤਕ ਕਰਜ਼ੇ ’ਤੇ ਚਿੰਤਾ ਪ੍ਰਗਟਾਈ। ਬਰਾੜ ਨੇ ਪੰਜਾਬ ਵਿੱਚ ਅਮਨ-ਕਾਨੂੰਨ ਵਿੱਚ ਨਿਘਾਰ ਆਉਣ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਾਨੂੰਨ ਅਤੇ ਵਿਵਸਥਾ ਨੂੰ ਬਹਾਲ ਕਰਨ ਲਈ ਤੁਰੰਤ ਅਤੇ ਪ੍ਰਭਾਵੀ ਕਦਮ ਚੁੱਕੇ ਜਾਣ।
ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦਾ ਮੁੱਦਾ ਉਠਾਇਆ। ਫਿਲਮ ਆਲੋਚਕ ਅਤੇ ਮਿਸਲ ਸਤਲੁਜ ਦੇ ਸੰਸਥਾਪਕ ਮੈਂਬਰ ਗੁਰਸੇਵਕ ਸਿੰਘ ਚਾਹਲ ਨੇ ਇੱਕ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਮਿਸਲ ਸਤਲੁਜ ਦੇ ਵਲੰਟੀਅਰਾਂ ਨੂੰ ਜ਼ਮੀਨੀ ਪੱਧਰ ਤੱਕ ਜੁੜੇ ਰਹਿਣ ਦਾ ਸੱਦਾ ਦਿੱਤਾ।