ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਗਸਤ
ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਖ਼ਿਲਾਫ਼ ਕਾਂਗਰਸ ਪਾਰਟੀ ਨੇ ਅੱਜ ਨਾਭਾ ਗੇਟ ਸਥਿਤ ਕੂੜੇ ਦੇ ਡੰਪ ਨੇੜੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਵਿੱਚੋਂ ਕੂੜੇ ਦੇ ਢੇਰ ਚੁਕਵਾ ਕੇ ਸਫ਼ਾਈ ਦੇ ਪੁਖਤਾ ਪ੍ਰਬੰਧ ਨਾ ਕੀਤੇ ਗਏ ਤਾਂ ਕਾਂਗਰਸ ਪਾਰਟੀ ਵੱਲੋਂ ਸਰਕਾਰ, ਪ੍ਰਸ਼ਾਸਨ ਤੇ ਨਗਰ ਕੌਂਸਲ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਕਾਂਗਰਸੀ ਵਰਕਰ ਅੱਜ ਨਾਭਾ ਗੇਟ ਸਥਿਤ ਕੂੜੇ ਦੇ ਡੰਪ ਕੋਲ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਓਬੀਸੀ ਵਿੰਗ ਪੰਜਾਬ ਕਾਂਗਰਸ ਦੇ ਉਪ ਚੇਅਰਮੈਨ ਹਰਪਾਲ ਸਿੰਘ ਸੋਨੂ, ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸ਼ਰਮਾ, ਬਲਾਕ ਪ੍ਰਧਾਨ ਰੌਕੀ ਬਾਂਸਲ ਅਤੇ ਬਿੰਦਰ ਬਾਂਸਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਪਰ ਸਰਕਾਰ, ਪ੍ਰਸ਼ਾਸਨ ਤੇ ਨਗਰ ਕੌਂਸਲ ਨੇ ਚੁੱਪ ਧਾਰ ਰੱਖੀ ਹੈ। ਸੜਕਾਂ ’ਤੇ ਗੰਦਗੀ ਅਤੇ ਦੂਰ-ਦੂਰ ਬੁਦਬੂ ਫੈਲ ਰਹੀ ਹੈ ਅਤੇ ਲੋਕਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਹੈ। ਅੱਜ ਜਨਮ ਅਸ਼ਟਮੀ ਦੇ ਤਿਉਹਾਰ ਹੈ ਪਰ ਫਿਰ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸ਼ਹਿਰ ਦੇ ਲੋਕਾਂ, ਸਕੂਲੀ ਬੱਚਿਆਂ ਅਤੇ ਦੁਕਾਨਦਾਰਾਂ ਨੂੰ ਅਨੇਕਾਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਲੋਕ ਮੁੱਦਿਆਂ ਵੱਲ ਕਿਸੇ ਦਾ ਕੋਈ ਧਿਆਨ ਨਹੀਂ ਹੈ। ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ ਪਰ ਸਰਕਾਰੀ ਅਧਿਕਾਰੀ ਕੁੰਭਕਰਨੀ ਸੁੱਤੇ ਹੋਏ ਹਨ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਮੌਕੇ ਕਾਂਗਰਸੀ ਆਗੂ ਨੱਥੂ ਲਾਲ ਢੀਂਗਰਾ, ਅਸ਼ੋਕ ਕੁਮਾਰ, ਨਛੱਤਰ ਸਿੰਘ ਐੱਮਸੀ, ਸ਼ਮੀ ਮਾਂਗਟ, ਅਰੁਣਾ ਤਿਤਰੀਆ, ਚਰਨਜੀਤ ਕੌਰ, ਜਗਜੀਤ ਸਿੰਘ ਕਾਲਾ, ਅਮਿਤ ਠਾਕੁਰ, ਅਭਿਸ਼ੇਕ ਅਤੇ ਬਾਬੂ ਲਾਲ ਰੰਗਾ ਮੌਜੂਦ ਸਨ।