ਠਾਣੇ:
ਇੱਥੋਂ ਦੀ ਇਕ ਅਦਾਲਤ ਨੇ ਬਦਲਾਪੁਰ ਜਿਨਸੀ ਸ਼ੋਸ਼ਣ ਕਾਂਡ ਦੇ ਮੁਲਜ਼ਮ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ ਸੀ। ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਲੋਕਾਂ ਵਿੱਚ ਗੁੱਸੇ ਦੀ ਲਹਿਰ ਹੈ। ਮਹਾਰਾਸ਼ਟਰ ਦੇ ਸਿੱਖਿਆ ਮੰਤਰੀ ਦੀਪਕ ਕੇਸਰਕਰ ਨੇ ਕਿਹਾ ਕਿ ਸਕੂਲਾਂ ਵਿੱਚ ਸੀਸੀਟੀਵੀ ਦੀ ਤਰ੍ਹਾਂ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੈਨਿਕ ਬਟਨ ਵੀ ਲਗਾਏ ਜਾ ਸਕਦੇ ਹਨ। ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ 23 ਅਗਸਤ ਨੂੰ ਪੋਕਸੋ ਐਕਟ ਦੀ ਧਾਰਾ 19 ਦੀ ਪਾਲਣਾ ਨਾ ਕਰਨ ਲਈ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸਕੂਲ ਦੇ ਪ੍ਰਬੰਧਕਾਂ ਨੇ ਇਸ ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਸਮੇਂ ਸਿਰ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ ਚੌਥੀ ਜਮਾਤ ਦੀਆਂ ਦੋ ਲੜਕੀਆਂ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।
ਸਿੱਖਿਆ ਮੰਤਰੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਸੀਸੀਟੀਵੀ ਵਾਂਗ ਪੈਨਿਕ ਬਟਨ ਵੀ ਲਗਾਏ ਜਾ ਸਕਦੇ ਹਨ… ਇੱਕ ਪੈਨਿਕ ਬਟਨ ਹੋਸਟਲਾਂ ਵਿੱਚ ਵੀ ਲਗਾਇਆ ਜਾ ਸਕਦਾ ਹੈ।’ ਇਸ ਮਾਮਲੇ ਦੀ ਜਾਂਚ ਮੁੰਬਈ ਖੇਤਰ ਦੇ ਡਿਪਟੀ ਡਾਇਰੈਕਟਰ ਦੀ ਅਗਵਾਈ ਵਿੱਚ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਵਿਰੋਧੀ ਧਿਰ ’ਤੇ ਵਰ੍ਹਦਿਆਂ ਕਿਹਾ, ‘ਇਸ ਮਾਮਲੇ ਦੀ ਜੋ ਲੋਕ ਹੁਣ ਆਲੋਚਨਾ ਕਰ ਰਹੇ ਹਨ, ਉਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਕੁਝ ਨਹੀਂ ਕੀਤਾ। ਅਸੀਂ ਕਈ ਕਾਰਵਾਈਆਂ ਕਰ ਰਹੇ ਹਾਂ।’ ਜ਼ਿਕਰਯੋਗ ਹੈ ਕਿ ਬਦਲਾਪੁਰ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਮਹਿਲਾ ਅਤੇ ਬਾਲ ਭਲਾਈ ਵਿਭਾਗ ਅਤੇ ਸਿੱਖਿਆ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅੱਜ ਸਿੱਖਿਆ ਮੰਤਰੀ ਨੂੰ ਸੌਂਪੀ ਗਈ ਸੀ। -ਏਐੱਨਆਈ