ਨਿੱਜੀ ਪੱਤਰ ਪ੍ਰੇਰਕ
ਖੰਨਾ, 26 ਅਗਸਤ
ਇੱਥੇ ਅੱਜ ਦੋ ਵੱਖ-ਵੱਖ ਥਾਵਾਂ ’ਤੇ ਰੇਲਵੇ ਲਾਈਨ ਪਾਰ ਕਰਦੇ ਹੋਏ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਰੇਲਵੇ ਸਟੇਸ਼ਨ ਨੇੜੇੇ ਵਾਪਰਿਆ ਜਦਕਿ ਦੂਜਾ ਨੇੜਲੇ ਪਿੰਡ ਕੌੜੀ ਕੋਲ ਹੋਇਆ। ਹਾਦਸਿਆਂ ਵਿੱਚ ਮਰਨ ਵਾਲਿਆਂ ਵਿੱਚੋਂ ਇੱਕ ਦੀ ਪਛਾਣ ਹੋ ਗਈ ਹੈ ਜਦਕਿ ਦੂਜੇ ਦੀ ਪਛਾਣ ਹੋਣੀ ਬਾਕੀ ਹੈ। ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ (30) ਵਾਸੀ ਕੌੜੀ ਵਜੋਂ ਹੋਈ। ਦੂਜੀ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਜੀਆਰਪੀ ਇੰਚਾਰਜ ਚਮਕੌਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ’ਤੇ ਤੁਰੰਤ ਪੁਲੀਸ ਟੀਮ ਮੌਕੇ ’ਤੇ ਪੁੱਜੀ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ। ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪੁਲੀਸ ਨੇ ਦੂਜੀ ਲਾਸ਼ ਦੀ ਪਛਾਣ ਲਈ ਕਾਰਵਾਈ ਸ਼ੁਰੂ ਕਰ ਦਿੱੱਤੀ ਹੈ।