ਲਖਵੀਰ ਸਿੰਘ ਚੀਮਾ/ਪਰਸ਼ੋਤਮ ਬੱਲੀ
ਟੱਲੇਵਾਲ/ਬਰਨਾਲਾ, 26 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜ ਰੋਜ਼ਾ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾਉਣ ਦੀ ਥਾਂ ਹੁਣ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ।
ਇਹ ਐਲਾਨ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪਿੰਡ ਚੀਮਾ ਵਿੱਚ ਸੂਬਾ ਪੱਧਰੀ ਮੀਟਿੰਗ ਉਪਰੰਤ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨੀ, ਖੇਤੀ ਅਤੇ ਹੋਰ ਸੂਬੇ ਦੇ ਅਹਿਮ ਮਸਲਿਆਂ ਨੂੰ ਲੈ ਕੇ 27 ਤੋਂ 31 ਦਸੰਬਰ ਤੱਕ ਪੰਜਾਬ ਦੇ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾਉਣੇ ਸਨ, ਜਿਨ੍ਹਾਂ ਨੂੰ ਹੁਣ ਮੁਲਤਵੀ ਕਰ ਦਿੱਤਾ ਹੈ, ਕਿਉਂਕਿ 2 ਤੋਂ 4 ਸਤੰਬਰ ਤੱਕ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਹੋਵੇਗਾ। ਇਸ ਕਾਰਨ ਜਥੇਬੰਦੀ ਨੇ ਹੁਣ ਪਹਿਲੀ ਸਤੰਬਰ ਤੋਂ ਆਪਣਾ ਸੰਘਰਸ਼ ਚੰਡੀਗੜ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲੀ ਸਤੰਬਰ ਨੂੰ ਸੂਬੇ ਭਰ ਤੋਂ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜੇ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਅਗਲਾ ਸੰਘਰਸ਼ ਮੌਕੇ ਅਨੁਸਾਰ ਤੈਅ ਕੀਤਾ ਜਾਵੇਗਾ। ਵਿਧਾਨ ਸਭਾ ਸੈਸ਼ਨ ਤੋਂ ਬਾਅਦ 5 ਸਤੰਬਰ ਨੂੰ ਅਗਲੇ ਸੰਘਰਸ਼ ਦਾ ਐਲਾਨ ਹੋਵੇਗਾ।
ਸਰਕਾਰ ’ਤੇ ਦਬਾਅ ਪਾਉਣ ਲਈ ਉਲਕਿਆ ਪ੍ਰੋਗਰਾਮ: ਉਗਰਾਹਾਂ
ਇਸ ਪ੍ਰੋਗਰਾਮ ਤਬਦੀਲੀ ਸਬੰਧੀ ਬਰਨਾਲਾ ਵਿੱਚ ਜਥੇਬੰਦੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਐਕਸ਼ਨ ਪ੍ਰੋਗਰਾਮ ਕਿਸਾਨੀ ਦੇ ਬੁਨਿਆਦੀ ਮੁੱਦੇ ਤੇ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਪਹਿਲੀ ਸਤੰਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ’ਤੇ ਜਨਤਕ ਦਬਾਅ ਪਾਉਣ ਲਈ ਇਹ ਪ੍ਰੋਗਰਾਮ ਫੌਰੀ ਉਲਕਿਆ ਗਿਆ ਹੈ।