ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਅਗਸਤ
ਲੁਧਿਆਣਾ ਪੁਲੀਸ ਦੀ ਟੀਮ ਨੇ ਆਟੋ ਚਲਾਉਣ ਦੀ ਆੜ ਹੇਠ ਨਸ਼ਾ ਤਸਕਰੀ ਦਾ ਧੰਦਾ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਹੈਬੋਵਾਲ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਮੁਕੇਸ਼ ਯਾਦਵ ਵਾਸੀ ਗਰੀਨ ਐਨਕਲੇਵ ਹੈਬੋਵਾਲ ਕਲਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲੀਸ ਨੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਜਾਂਚ ਅਧਿਕਾਰੀ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਹੈਬੋਵਾਲ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ।
ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਇਸ ਵੇਲੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲੀਸ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਮੁਲਜ਼ਮ ਖੁਦ ਨਸ਼ੇ ਦਾ ਆਦੀ ਸੀ ਅਤੇ ਆਟੋ ਚਲਾਉਣ ਦੀ ਆੜ ’ਚ ਹੈਰੋਇਨ ਦੀ ਤਸਕਰੀ ਕਰਦਾ ਸੀ। ਮੁਲਜ਼ਮ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਸਪਲਾਈ ਕਰਦਾ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਉਹ ਕਰੀਬ ਦੋ ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁਲਜ਼ਮ ਨੂੰ ਕੋਈ ਕੰਮ ਨਾ ਮਿਲਿਆ ਤਾਂ ਉਹ ਹੈਰੋਇਨ ਦੀ ਤਸਕਰੀ ਕਰਨ ਲੱਗਾ। ਮੁਲਜ਼ਮਾਂ ਨੇ ਦੁਬਾਰਾ ਹੈਰੋਇਨ ਲਿਆ ਕੇ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ।