ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 27 ਅਗਸਤ
ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਪੈਦਾ ਕਰਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ 29 ਅਗਸਤ ਤੋਂ ਸੰਗਰੂਰ ਤੋਂ ਹੋਣ ਜਾ ਰਹੀ ਹੈ। ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੁਧਿਆਣਾ ਤੋਂ ਸ਼ੁਰੂ ਹੋਈ ਮਸ਼ਾਲ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਜ਼ਿਲ੍ਹਾ ਮਾਲੇਰਕੋਟਲਾ ਦੇ ਸਦਰ ਮੁਕਾਮ ‘ਤੇ ਪੁੱਜਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਡੀ.ਐਸ.ਪੀ (ਐਚ) ਕਰਮਜੀਤ ਸਿੰਘ, ਪ੍ਰਧਾਨ ਘੱਟ ਗਿਣਤੀ ਦਲ ਮਾਲੇਰਕੋਟਲਾ ਜਾਫਰ ਅਲੀ, ਪੀ.ਏ ਗੁਰਮੁੱਖ ਸਿੰਘ ਖਾਨਪੁਰ, ਬਲਾਕ ਸੋਸ਼ਲ ਮੀਡੀਆ ਇੰਚਾਰਜ ਯਾਸਰ ਅਰਾਫਾਤ ਮੌਜੂਦ ਸਨ। ਵਿਧਾਇਕ ਰਹਿਮਾਨ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਸਬੰਧੀ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਤੱਕ ਕਰਵਾਈਆਂ ਜਾਣਗੀਆਂ।