ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਗਸਤ
ਪੰਜਾਬ ਵਿੱਚ ਅਗਾਮੀ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਲਈ ਸੂਬਾ ਸਰਕਾਰ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਜੋਂ ਅੱਜ ਮੁੱਖ ਮੰਤਰੀ ਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਦੇ ਨਵੇਂ ਬੁਲਾਰਿਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਪਾਰਟੀ ਦੇ ਨਵ ਨਿਯੁਕਤ ਚਾਰ ਸੀਨੀਅਰ ਬੁਲਾਰਿਆਂ ਸਣੇ ਦੋ ਦਰਜਨ ਦੇ ਕਰੀਬ ਬੁਲਾਰਿਆਂ ਨੂੰ ਸੂਬਾ ਸਰਕਾਰ ਵੱਲੋਂ ਢਾਈ ਸਾਲ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਦੇ ਬੁਲਾਰਿਆਂ ਨੇ ਸੂਬਾ ਸਰਕਾਰ ਤੇ ਪਾਰਟੀ ਦੀ ਸਾਖ ਨੂੰ ਬਚਾਉਣ ਲਈ ਕੰਮ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਕੰਮ ਕੀਤੇ ਗਏ ਹਨ, ਜੋ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸੋਚੇ ਵੀ ਨਹੀਂ। ਉਨ੍ਹਾਂ ਨੇ ਸਾਰਿਆਂ ਨੂੰ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਤੇ ਹੋਰਨਾਂ ਖੇਤਰਾਂ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਰਾਜਸੀ ਪਾਰਟੀਆਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚਾਰ ਜ਼ਿਮਨੀ ਚੋਣਾਂ ਦੇ ਬਹਾਨੇ ਸੂਬਾ ਸਰਕਾਰ ਵੱਲੋਂ ਢਾਈ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ।