ਜੋਗਿੰਦਰ ਸਿੰਘ ਮਾਨ
ਮਾਨਸਾ, 27 ਅਗਸਤ
ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾ ਲੱਗਣ ਦੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਦੇ ਨਾਂ ’ਤੇ ਮੰਗ ਪੱਤਰ ਸੌਂਪਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਆਪਣੇ-ਆਪ ਨੂੰ ਲੋਕਪੱਖੀ ਅਖਵਾਉਣ ਵਾਲੀ ਇਨਕਲਾਬੀਆਂ ਦੀ ਸਰਕਾਰ ਦੇ ਰਾਜ ਵਿੱਚ ਕਾਂਸਟੀਚੁਐਂਟ ਕਾਲਜਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਪੀਟੀਏ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਸੇਵਾਵਾਂ ਦੇ ਲਈ ਨਹੀਂ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਬੇਰੁਜ਼ਗਾਰ ਕਰਕੇ ਘਰ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਕਾਲਜ ਵਿੱਚੋਂ ਗ਼ੈਰ-ਹਾਜ਼ਰੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇ ਮੰਗਾਂ ਦਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਦੋ ਦਿਨਾਂ ਦੇ ਸਮੇਂ ਦੇ ਅੰਦਰ ਹੱਲ ਨਾਂ ਕੀਤਾ ਗਿਆ ਤਾਂ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਮੀਟਿੰਗ ਬੁਲਾ ਕੇ ਸੰਘਰਸ਼ ਨੂੰ ਤਿੱਖਾ ਕਰਨ ਲਈ ਯੋਜਨਾਬੰਦੀ ਉਲੀਕੀ ਜਾਵੇਗੀ।