ਗੁਰਸੇਵਕ ਸਿਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 27 ਅਗਸਤ
ਕੋਲਕਾਤਾ ਦੀ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਚੱਲ ਰਹੀ ਢਿੱਲੀ ਕਾਰਵਾਈ ਦੀ ਨਿਖੇਧੀ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਜ਼ਿਲ੍ਹਾ ਕਮੇਟੀ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ, ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਧੂਲਕੋਟ, ਮੁੱਖ ਸਲਾਹਕਾਰ ਡਾ. ਜਗਬੀਰ ਸਿੰਘ ਨੇ ਕਿਹਾ ਕਿ ਜੇਕਰ ਲੋਕਾਂ ਦੀਆਂ ਸਿਹਤ ਸੇਵਾਵਾਂ ਵਿੱਚ ਲੱਗੇ ਡਾਕਟਰ ਹੀ ਸੁਰੱਖਿਅਤ ਨਹੀਂ ਹਨ ਤਾਂ ਫਿਰ ਇਹ ਮੁਲਕ ਲਈ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਇਸ ਦੌਰਾਨ ਵੱਡੀ ਗਿਣਤੀ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ। ਉਨ੍ਹਾਂ ਦੇ ਹੱਥਾਂ ਵਿੱਚ ਜਬਰ ਖ਼ਿਲਾਫ਼ ਤਖਤੀਆਂ ਤੇ ਜ਼ੁਬਾਨ ’ਤੇ ਨਾਅਰੇ ਸਨ। ਬਾਅਦ ਵਿੱਚ ਉਨ੍ਹਾਂ ਡੀਸੀ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ।
ਕੋਲਕਾਤਾ ਘਟਨਾ ਖ਼ਿਲਾਫ਼ ਮਹਿਲ ਕਲਾਂ ਵਿੱਚ ਰੋਸ ਮਾਰਚ
ਮਹਿਲ ਕਲਾਂ (ਨਵਕਿਰਨ ਸਿੰਘ): ਮਹਿਲ ਕਲਾਂ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਅਤੇ ਦੁਕਾਨਦਾਰ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਵੱਲੋਂ ਕੋਲਕਾਤਾ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਲਈ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਬੱਸ ਸਟੈਂਡ ਮਹਿਲ ਕਲਾਂ ਤੋਂ ਸ਼ੁਰੂ ਹੋ ਕੇ ਬਾਜ਼ਾਰ ਵਿੱਚ ਦੀ ਹੁੰਦਾ ਹੋਇਆ, ਤਹਿਸੀਲ ਦਫਤਰ ਵਿਖੇ ਮੰਗ ਪੱਤਰ ਦੇਣ ਉਪਰੰਤ ਸਮਾਪਤ ਹੋਇਆ। ਇਸ ਮੌਕੇ ਮਿੱਠੂ ਮੁਹੰਮਦ ਮਹਿਲ ਕਲਾਂ, ਗਗਨ ਸਰਾਂ ਕੁਰੜ, ਪਰਮੇਸ਼ਰ ਸਿੰਘ ਬਰਨਾਲਾ ਆਦਿ ਨੇ ਸੰਬੋਧਨ ਕੀਤਾ।