ਨਵੀਂ ਦਿੱਲੀ:
ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਛੇ ਮਹਿਲਾ ਪਹਿਲਵਾਨਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਪਣੇ ਖ਼ਿਲਾਫ਼ ਦਰਜ ਐੱਫਆਈਆਰ ਤੇ ਦੋਸ਼ਾਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪਟੀਸ਼ਨ ਵੀਰਵਾਰ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੇ ਦਲੀਲ ਦਿੱਤੀ ਹੈ ਕਿ ਜਾਂਚ ਪੱਖਪਾਤੀ ਢੰਗ ਨਾਲ ਕੀਤੀ ਗਈ ਕਿਉਂਕਿ ਸਿਰਫ਼ ਪੀੜਤਾਂ ਦੇ ਬਿਆਨ ’ਤੇ ਵਿਚਾਰ ਕੀਤਾ ਗਿਆ ਸੀ। ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਝੂਠੇ ਦੋਸ਼ ਲਗਾਏ ਗਏ ਜਿਸ ’ਤੇ ਹੇਠਲੀ ਅਦਾਲਤ ਨੇ ਵਿਚਾਰ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਗਿਆ ਹੈ। -ਪੀਟੀਆਈ