ਪੱਤਰ ਪ੍ਰੇਰਕ
ਲੰਬੀ, 28 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪਹਿਲੀ ਸਤੰਬਰ ਤੋਂ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਵਾਲੇ ਮੋਰਚੇ ਦੀ ਆਵਾਜ਼ ਹੁਣ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਭਾਕਿਯੂ (ਏਕਤਾ) ਉਗਰਾਹਾਂ ਨਾਲ ਸਾਂਝੇ ਤੌਰ ’ਤੇ ਚੰਡੀਗੜ੍ਹ ਵਿੱਚ ਗੂੰਜੇਗੀ। ਦੋ ਸਤੰਬਰ ਨੂੰ ਦੋਵੇਂ ਜਥੇਬੰਦੀਆਂ ਦੇ ਕਾਰਕੁਨ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ। ਇਸ ਲਈ ਪੰਜਾਬ ਭਰ ’ਚੋਂ ਖੇਤ ਮਜ਼ਦੂਰ ਅਤੇ ਕਿਸਾਨ ਕਾਫਲੇ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ। ਖੁੱਡੀਆਂ ਮੋਰਚੇ ਨੂੰ ਵਿਧਾਨ ਸਭਾ ਵੱਲ ਮਾਰਚ ਵਿੱਚ ਤਬਦੀਲ ਕਰਨ ਅਤੇ ਉਸ ਦੀਆਂ ਤਿਆਰੀਆਂ ਸਬੰਧੀ ਅੱਜ ਇੱਥੇ ਪਿੰਡ ਸਿੰਘੇਵਾਲਾ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਖੇਤੀ ਸੰਕਟ ਦੇ ਹੱਲ ਦਾ ਰਸਤਾ ਖੋਲ੍ਹਣ ਲਈ ਮਜ਼ਦੂਰ ਕਿਸਾਨ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ ਤੋਂ ਟਾਲਾ ਵੱਟ ਕੇ ਮਜ਼ਦੂਰਾਂ ਤੇ ਕਿਸਾਨਾਂ ਨਾਲ਼ ਧਰੋਹ ਕਮਾ ਰਹੀ ਹੈ।
ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਆਗੂਆਂ ਨੇ ਐਲਾਨ ਕੀਤਾ ਕਿ ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ਖੇਤ ਮਜ਼ਦੂਰਾਂ ਨੂੰ ਪਰਿਵਾਰਾਂ ਸਣੇ ਸ਼ਾਮਲ ਕਰਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਬਾਜ਼ ਸਿੰਘ ਭੁੱਟੀਵਾਲਾ, ਰਾਜਾ ਸਿੰਘ ਅਤੇ ਕਾਲਾ ਸਿੰਘ ਖੂਨਣ ਖ਼ੁਰਦ, ਕਾਕਾ ਸਿੰਘ ਖੁੰਡੇ ਹਲਾਲ, ਲੰਬੀ ਬਲਾਕ ਦੇ ਪ੍ਰਧਾਨ ਕਾਲਾ ਸਿੰਘ ਸਿੰਘੇਵਾਲਾ ਅਤੇ ਰਾਮਪਾਲ ਗੱਗੜ ਵੀ ਮੌਜੂਦ ਸਨ।