ਜੋਗਿੰਦਰ ਸਿੰਘ ਮਾਨ
ਮਾਨਸਾ, 31 ਅਗਸਤ
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ’ਚੋਂ ਬਾਹਰ ਕੀਤੇ ਜਾਣ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾ ਲੱਗਣ ਦੇ ਰੋਸ ਵਜੋਂ ਰੈਲੀ ਕਰਕੇ ਕਾਲਜ ਦੇ ਗੇਟ ਤੱਕ ਰੋਸ ਮਾਰਚ ਕੀਤਾ ਗਿਆ।
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਸੇਵਾਵਾਂ ਦੇ ਪੀਟੀਏ ਅਤੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਨਹੀਂ ਬੁਲਾਇਆ ਜਾ ਰਿਹਾ ਹੈ।
ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਖੋਖਰ ਕਲਾਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਦਾਖ਼ਲਿਆਂ ਸਮੇਂ ਵਿਦਿਆਰਥੀਆਂ ਤੋਂ ਪੀਟੀਏ ਫੰਡ ਇਕੱਠਾ ਕਰਨ ਦੇ ਬਾਵਜੂਦ ਵਿਦਿਆਰਥੀਆਂ ਦੀਆਂ ਕਲਾਸਾਂ ਲਾ ਕੇ ਸਿੱਖਿਆ ਦੇਣ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਦੀ ਪ੍ਰਧਾਨ ਗਗਨਦੀਪ ਕੌਰ ਮਾਨਸਾ ਨੇ ਮੰਗ ਕੀਤੀ ਕਿ ਇਸ ਕਾਲਜ ਸਮੇਤ ਸਮੂਹ ਕਾਂਸਟੀਚੁਐਂਟ ਕਾਲਜਾਂ ਵਿੱਚ ਪੀਟੀਏ ਸਟਾਫ ਅਤੇ ਗੈਸਟ ਫੈਕਲਟੀ ਸਟਾਫ ਨੂੰ ਪ੍ਰਵਾਨਗੀ ਦੇਕੇ ਤੁਰੰਤ ਸੇਵਾਵਾਂ ਦੇ ਲਈ ਬਹਾਲ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇ ਮੰਗਾਂ ਦਾ ਪ੍ਰਸ਼ਾਸਨ ਵੱਲੋਂ ਹੱਲ ਨਾ ਕੀਤਾ ਗਿਆ ਤਾਂ 2 ਸਤੰਬਰ ਨੂੰ ਕਾਲਜ ਦੇ ਗੇਟ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਗੇਟ ’ਤੇ ਲਗਾਉਣੀਆਂ ਸ਼ੁਰੂ ਕੀਤੀਆਂ ਜਾਣਗੀਆਂ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਵੱਲੋਂ ਕੀਤੇ ਇੱਕ ਆਦੇਸ਼ ਅਨੁਸਾਰ ਡਾ. ਬਰਿੰਦਰ ਕੌਰ ਪੰਜਾਬੀ ਯੂਨੀਵਰਸਿਟੀ ਟੀਪੀਡੀ ਮਾਲਵਾ ਕਾਲਜ ਰਾਮਪੁਰਾ ਫੂਲ-ਮਹਿਰਾਜ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਚ ਤਾਇਨਾਤ ਕੀਤਾ ਗਿਆ ਹੈ।