ਸ਼ਗਨ ਕਟਾਰੀਆ
ਬਠਿੰਡਾ, 31 ਅਗਸਤ
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ਇੱਥੇ ਕਾਂਗਰਸ ਭਵਨ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਰਹੂਮ ਮੁੱਖ ਮੰਤਰੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰਾਜਨ ਗਰਗ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮਰਹੂਮ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਵੀ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਦਾ ਪੰਜਾਬੀ ਨਿੱਘ ਮਾਣ ਰਹੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਪਰ ਅਫਸੋਸ ਹੈ ਕਿ ਸਮੇਂ ਦੀ ਸਰਕਾਰ ਵੱਲੋਂ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਕਰਕੇ ਅੱਜ ਪੰਜਾਬ ਦੇ ਹਾਲਾਤ ਮਾੜੇ ਤੋਂ ਮਾੜੇ ਬਣਦੇ ਜਾ ਰਹੇ ਹਨ। ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ।
ਨਗਰ ਨਿਗਮ ਦੇ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਜਦੋਂ ਕਾਲੇ ਦੌਰ ਵਿੱਚ ਸੀ ਤਾਂ ਮੁੱਖ ਮੰਤਰੀ ਹੁੰਦਿਆਂ ਬੇਅੰਤ ਸਿੰਘ ਵੱਲੋਂ ਪੰਜਾਬ ਵਿੱਚ ਅਮਨ, ਸ਼ਾਂਤੀ ਭਾਈਚਾਰਕ ਸਾਂਝ ਬਣਾਉਣ ਲਈ ਵੱਡੇ ਫੈਸਲੇ ਲਏ ਗਏ, ਜਿਸ ਕਰਕੇ ਉਨ੍ਹਾਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ। ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਤੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਸਵਰਗੀ ਬੇਅੰਤ ਸਿੰਘ ਦੇ ਰਾਜ ਵੇਲੇ ਗਰੀਬਾਂ, ਦਲਿਤਾਂ ਅਤੇ ਆਮ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲੀਆਂ। ਉਨ੍ਹਾਂ ਆਖਿਆ ਕਿ ਬੇਅੰਤ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਪੰਜਾਬ ਵਿਚ ਇਤਿਹਾਸਕ ਕੰਮ ਕੀਤੇ ਹਨ ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।
ਇਸ ਮੌਕੇ ਸਾਧੂ ਸਿੰਘ, ਵਿਕਰਮ, ਰਾਜ ਮਹਿਰਾ (ਸਾਰੇ ਕੌਂਸਲਰ), ਨੱਥੂ ਰਾਮ, ਪ੍ਰਕਾਸ਼ ਚੰਦ, ਸੁਖਦੇਵ ਸਿੰਘ ਬੁੱਟਰ, ਜਗਰਾਜ ਸਿੰਘ, ਹਰਵਿੰਦਰ ਸਿੱਧੂ, ਹਰੀ ਓਮ ਕਪੂਰ, ਵਿਜੈ ਕੁਮਾਰ, ਗੁਰਦੀਪ ਸਿੰਘ, ਅਮਰੀਕ ਸਿੰਘ, ਰਜਿੰਦਰ ਗੋਪੀ, ਊਸ਼ਾ ਰਾਣੀ, ਕਰਮਜੀਤ ਢਿੱਲੋਂ, ਗੀਤਾ ਰਾਣੀ, ਸਨੀ ਬਰਾੜ, ਕਰਤਾਰ ਸਿੰਘ, ਡਾ. ਮੁਕੇਸ਼ ਕੁਮਾਰ, ਬਲਜੀਤ ਸਿੰਘ, ਸੁਨੀਲ ਕੁਮਾਰ, ਦੁਪਿੰਦਰ ਮਿਸ਼ਰਾ, ਦੁਲੀ ਚੰਦ ਆਦਿ ਹਾਜ਼ਰ ਸਨ।
ਸ਼ਹਿਣਾ (ਪੱਤਰ ਪ੍ਰੇਰਕ): ਯੂਥ ਕਾਂਗਰਸ ਵੱਲੋਂ ਡਾ. ਰਾਹੁਲ ਚੌਹਾਨ ਦੀ ਅਗਵਾਈ ’ਚ ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਨੇ ਦੇਸ਼ ਦੀ ਏਕਤਾ, ਅਖੰਡਤਾ ਲਈ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ।