ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਸਤੰਬਰ
1984 ਸਿੱਖ ਕਤਲੇਆਮ ਪੀੜਤ ਵੈਲਫ਼ੇਅਰ ਸੁਸਾਇਟੀ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਸੈਸ਼ਨ ਵਿੱਚ ਸਿੱਖ ਕਤਲੇਆਮ ਦੇ ਵਿਰੋਧ ਵਿੱਚ ਨਿੰਦਾ ਪ੍ਰਸਤਾਵ ਲਿਆਂਦਾ ਜਾਵੇ ਤਾਂ ਕਿ ਪੀੜਤਾਂ ਨੂੰ ਇਨਸਾਫ਼ ਮਿਲਣ ਲਈ ਰਾਹ ਪੱਧਰਾ ਹੋ ਸਕੇ। ਇੱਥੇ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਦਸ ਹਜ਼ਾਰ ਤੋਂ ਵੱਧ ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਹਜ਼ਾਰਾਂ ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਬਾਬਤ ਪੰਜਾਬ ਵਿਧਾਨ ਸਭਾ ਵਿੱਚ ਇੱਕ ਨਿੰਦਾ ਪ੍ਰਸਤਾਵ ਲਿਆਂਦਾ ਜਾਵੇ ਤਾਂ ਕਿ 1984 ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸਕਣ। ਉਨ੍ਹਾਂ ਨਵੰਬਰ ਚੁਰਾਸੀ ਵਿੱਚ ਗੁਰਦੁਆਰਾ ਪੁਲ ਬੰਗਸ਼ ਦੇ ਬਾਹਰ ਕਤਲੇਆਮ ਲਈ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਕਰਨ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਂਗਰਸੀ ਆਗੂ ਕਮਲਨਾਥ ਖ਼ਿਲਾਫ਼ ਵੀ ਮੁੱਕਦਮਾ ਚਲਾਇਆ ਜਾਵੇ।