ਜਬਲਪੁਰ, 1 ਸਤੰਬਰ
ਮੱਧ ਪ੍ਰਦੇਸ਼ ਹਾਈ ਕੋਰਟ 2 ਸਤੰਬਰ ਨੂੰ ਇੱਕ ਸਿੱਖ ਜਥੇਬੰਦੀ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਜਿਸ ਵਿੱਚ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀ ਆਗਾਮੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਨੂੰ ਰੋਕਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਫਿਲਮ ਰਿਲੀਜ਼ ਕਰਨ ਲਈ ਸੈਂਸਰ ਬੋਰਡ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ। ਸੰਸਦ ਮੈਂਬਰ ਰਣੌਤ ਨੇ ਛੇ ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਫਿਲਮ ’ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ। ਪਟੀਸ਼ਨਰ ਦੇ ਵਕੀਲ ਐੱਨਐੱਸ ਰੂਪਰਾਹ ਨੇ ਦੱਸਿਆ ਕਿ ਜਬਲਪੁਰ ਸਿੱਖ ਸੰਗਤ ਨੇ ਫਿਲਮ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਇਹ ਸਮਾਜ ਲਈ ਨੁਕਸਾਨਦੇਹ ਹੈੈ। -ਪੀਟੀਆਈ