ਪੱਤਰ ਪ੍ਰੇਰਕ
ਮਾਨਸਾ, 1 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਗੰਨਮੈਨਾਂ ਸਮੇਤ ਤਨਖ਼ਾਹੀਏ ਦੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਥਕ ਮਰਿਯਾਦਾ ਅਨੁਸਾਰ ਕੋਈ ਵੀ ਤਨਖਾਹੀਆ ਸਿੱਖ ਅਕਾਲ ਤਖ਼ਤ ਸਾਹਿਬ ’ਤੇ ਜਦੋਂ ਪੇਸ਼ ਹੁੰਦਾ ਹੈ ਤਾਂ ਉਹ ਆਪਣੇ ਦੁਨਿਆਵੀ ਅਹੁਦਿਆਂ ਨੂੰ ਪਾਸੇ ਛੱਡ ਕੇ ਇੱਕ ਨਿਮਾਣੇ ਸਿੱਖ ਦੇ ਤੌਰ ’ਤੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਵੱਡਾ ਹਿੱਸਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਬੇਨਤੀ ਕਰ ਰਿਹਾ ਸੀ, ਪਰ ਹੁਣ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਮੌਕਾ ਆ ਗਿਆ ਹੈ ਤਾਂ ਸੁਖਬੀਰ ਬਾਦਲ ਨੇ ਬੜੀ ਹੁਸ਼ਿਆਰੀ ਨਾਲ ਬਿਨਾਂ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਿਆਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਅਧਿਕਾਰ ਦਲ ਦੀ ਵਰਕਿੰਗ ਕਮੇਟੀ ਕੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਅਜਿਹਾ ਕੋਈ ਪ੍ਰਧਾਨ ਜਾਂ ਕਾਰਜਕਾਰੀ ਪ੍ਰਧਾਨ ਨਹੀਂ ਰਿਹਾ, ਜਿਸਨੇ ਅੰਮ੍ਰਿਤ ਨਾ ਛਕਿਆ ਹੋਵੇ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੈਟਰ ਪੈਡ ਨੂੰ ਸੁਖਬੀਰ ਬਾਦਲ ਵੱਲੋਂ ਵਰਤਣ ਅਤੇ ਥੱਲੇ ਆਪਣੇ ਦਸਤਖ਼ਤ ਵੀ ਨਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਮਰਾਹ ਕਰਨਾ ਵੀ ਮੰਦਭਾਗਾ ਹੈ।