ਪੱਤਰ ਪ੍ਰੇਰਕ
ਪੰਚਕੂਲਾ, 2 ਸਤੰਬਰ
ਮੋਰਨੀ ਇਲਾਕੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਕਾਰਨ ਕਈ ਥਾਵਾਂ ’ਤੇ ਪਹਾੜਾਂ ਤੋਂ ਮਲਬਾ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਘਟਨਾਵਾਂ ਵਿੱਚ ਪਹਾੜਾਂ ਤੋਂ ਵੱਡੀ ਮਾਤਰਾ ਵਿੱਚ ਮਲਬਾ ਡਿੱਗ ਰਿਹਾ ਹੈ ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮਲਬਾ ਸੜਕਾਂ ’ਤੇ ਡਿੱਗਣ ਕਾਰਨ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਲਬਾ ਡਿੱਗਣ ਕਾਰਨ ਕਈ ਥਾਵਾਂ ’ਤੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਦਹਿਸ਼ਤ ਹੈ ਕਿ ਉਨ੍ਹਾਂ ਨਾਲ ਕੋਈ ਹਾਦਸਾ ਨਾ ਵਾਪਰ ਜਾਵੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਸੜਕਾਂ ਤੋਂ ਮਲਬਾ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ ਜਾਵੇ।