ਮੁਕੇਸ਼ ਕੁਮਾਰ
ਚੰਡੀਗੜ੍ਹ, 3 ਸਤੰਬਰ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਸ਼ਹਿਰ ਅਤੇ ਲੋਕ ਹਿੱਤਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਉਨ੍ਹਾਂ ਨਿਗਮ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਨਿੱਜੀ ਤੌਰ ’ਤੇ ਇਸ ਮਾਮਲੇ ਨੂੰ ਘੋਖਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਨੇ ਗ੍ਰਾਂਟ-ਇਨ-ਏਡ ਦੀ ਕਿਸ਼ਤ ਪਹਿਲਾਂ ਦੀ ਤਰ੍ਹਾਂ ਮਹੀਨਾਵਾਰ ਦੀ ਬਜਾਇ ਤਿਮਾਹੀ ਆਧਾਰ ’ਤੇ ਜਾਰੀ ਕਰਨ ਦੀ ਵੀ ਬੇਨਤੀ ਕੀਤੀ। ਪ੍ਰਸ਼ਾਸਕ ਨੂੰ ਦਿੱਤੇ ਮੰਗ ਪੱਤਰ ਵਿੱਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗ੍ਰਾਂਟ-ਇਨ-ਏਡ ਦੇ ਰੂਪ ਵਿੱਚ ਦਿੱਤੀ ਜਾਂਦੀ ਵਿੱਤੀ ਸਹਾਇਤਾ ’ਤੇ ਨਿਰਭਰ ਹੈ। ਇਸ ਤੋਂ ਇਲਾਵਾ ਨਗਰ ਨਿਗਮ ਚੰਡੀਗੜ੍ਹ ਵੱਲੋਂ ਕੀਤੇ ਜਾ ਰਹੇ ਰੋਜ਼ਾਨਾ ਦੇ ਖ਼ਰਚੇ ਅਤੇ ਹੋਰ ਵਿਕਾਸ ਕਾਰਜਾਂ ਦੀ ਪੂਰਤੀ ਲਈ ਵੀ ਨਿਗਮ ਦਾ ਆਪਣਾ ਮਾਲੀਆ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਆਮ ਲੋਕਾਂ ਨੂੰ ਨਾ ਲਾਭ-ਨਾ ਨੁਕਸਾਨ ਦੇ ਆਧਾਰ ’ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੇਅਰ ਨੇ ਪ੍ਰਸ਼ਾਸਕ ਦੇ ਧਿਆਨ ਵਿੱਚ ਲਿਆਂਦਾ ਕਿ ਨਗਰ ਨਿਗਮ ਨੂੰ ਵੱਖ ਵੱਖ ਥਾਵਾਂ ਤੋਂ ਲਗਪਗ 323.00 ਕਰੋੜ ਰੁਪਏ ਦੀ ਆਮਦਨ ਇਕੱਠੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਗਰ ਨਿਗਮ ਚੰਡੀਗੜ੍ਹ ਦੀ ਵਿੱਤੀ ਸੰਕਟ ਨਾਲ ਨਜਿੱਠਣ ਲਈ ਮਾਲੀਆ ਪ੍ਰਾਪਤੀਆਂ ਕਾਫੀ ਨਹੀਂ ਹਨ। ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਜਾਬ ਮਿਉਂਸਿਪਲ ਕਾਰਪੋਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਟੈਕਸਾਂ ਦੀ ਆਮਦਨ ਜਾਰੀ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਪ੍ਰਸ਼ਾਸਕ ਨੂੰ ਚੌਥੇ ਦਿੱਲੀ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਨੂੰ ਗ੍ਰਾਂਟ-ਇਨ-ਏਡ ਜਾਰੀ ਕਰਨ ਦੀ ਵੀ ਅਪੀਲ ਕੀਤੀ। ਮੇਅਰ ਕੁਲਦੀਪ ਕੁਮਾਰ ਨੇ ਨਗਰ ਨਿਗਮ ਵਿੱਚ ਮਨਜ਼ੂਰ 3205 ਖਾਲੀ ਅਸਾਮੀਆਂ ਦੇ ਮੁਕਾਬਲੇ 7171 ਆਊਟਸੋਰਸ ਮੁਲਾਜ਼ਮਾਂ ਨੂੰ ਭਰਤੀ ਕਰਨ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ ਪ੍ਰਤੀ ਮਹੀਨਾ 33 ਤੋਂ 35 ਕਰੋੜ ਰੁਪਏ ਦੀ ਵੱਡੀ ਰਕਮ ਖ਼ਰਚ ਕੀਤੀ ਜਾਂਦੀ ਹੈ, ਜਦੋਂਕਿ ਨਗਰ ਨਿਗਮ ਦੇ ਰੈਗੂਲਰ ਮੁਲਾਜ਼ਮਾਂ ’ਤੇ 12-14 ਕਰੋੜ ਰੁਪਏ ਪ੍ਰਤੀ ਮਹੀਨਾ ਖ਼ਰਚ ਕੀਤੇ ਜਾਂਦੇ ਹਨ।
ਅਸਾਮ ਸਰਕਾਰ ਵੱਲੋਂ ਕਟਾਰੀਆ ਦਾ ਸਨਮਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਅਸਾਮ ਦੇ ਰਾਜਪਾਲ ਵਜੋਂ ਲੋਕ ਹਿੱਤ ਵਿੱਚ ਕੀਤੇ ਕੰਮਾਂ ਲਈ ਅਸਾਮ ਸਰਕਾਰ ਵੱਲੋਂ ਸ੍ਰੀ ਕਟਾਰੀਆ ਦਾ ਸਨਮਾਨ ਕੀਤਾ ਗਿਆ। ਅੱਜ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਰਾਜ ਭਵਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਸਾਮ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਰਣਜੀਤ ਕੁਮਾਰ ਦਾਸ, ਚੰਦਰ ਮੋਹਨ ਪਟਵਾਰੀ, ਅਸਾਮ ਰਾਜਪਾਲ ਸਕੱਤਰੇਤ ਅਤੇ ਅਸਾਮ ਦੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਨੇ ਸ੍ਰੀ ਕਟਾਰੀਆ ਦਾ ਸਨਮਾਨ ਕੀਤਾ ਹੈ।
ਬੈਂਕਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਇੱਥੇ ਸੈਕਟਰ-38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿੱਚ ਕੀਤੇ ਰਾਜ ਪੱਧਰੀ ਪੁਰਸਕਾਰ ਸਮਾਗਮ ਦੌਰਾਨ ‘ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ’ ਤਹਿਤ ਵਧੀਆ ਕਾਰਗੁਜ਼ਾਰੀ ਵਾਲੇ ਬੈਂਕਾਂ ਨੂੰ 2023-24 ਦੇ ਪ੍ਰਸ਼ੰਸਾ ਪੁਰਸਕਾਰਾਂ ਦੀ ਵੰਡ ਕੀਤੀ।