ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 4 ਸਤੰਬਰ
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹਿਰ ਵਿੱਚ ਥਾਂ-ਥਾਂ ਉੱਗੇ ਭੰਗ ਦੇ ਬੂਟਿਆਂ ਅਤੇ ਝਾੜੀਆਂ ਨੂੰ ਕੱਟਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਗਮਾਡਾ ਸਣੇ ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਕਿ ਭੰਗ ਦਾ ਨਸ਼ਾ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰਿਹਾ ਹੈ। ਸੜਕਾਂ ਕਿਨਾਰੇ ਅਤੇ ਖਾਲੀ ਥਾਵਾਂ ’ਤੇ ਉੱਗੇ ਭੰਗ ਦੇ ਬੂਟੇ ਨਸ਼ੇੜੀਆਂ ਦਾ ਅੱਡਾ ਬਣਦੇ ਜਾ ਰਹੇ ਹਨ।
ਅਕਾਲੀ ਆਗੂ ਨੇ ਦੱਸਿਆ ਕਿ ਹਾਈ ਕੋਰਟ ਨੇ ਵੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਵੱਖ-ਵੱਖ ਥਾਵਾਂ ’ਤੇ ਜੰਗਲੀ ਫ਼ਸਲ ਵਜੋਂ ਉੱਗੇ ਹੋਏ ਭੰਗ ਦੇ ਬੂਟਿਆਂ ਨੂੰ ਕੱਟਣ ਦੇ ਆਦੇਸ਼ ਜਾਰੀ ਕਰਦਿਆਂ ਸਟੇਟਸ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਗਮਾਡਾ/ਪੁੱਡਾ ਦੇ ਮੁੱਖ ਦਫ਼ਤਰ ਦੇ ਬਾਹਰ ਅਤੇ ਹੋਰ ਖਾਲੀ ਪਲਾਟਾਂ ਵਿੱਚ ਵੱਡੇ ਪੱਧਰ ’ਤੇ ਭੰਗ ਉੱਗੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ਉੱਤੇ ਉੱਗੀ ਭੰਗ ਨੂੰ ਨਸ਼ਟ ਕਰਵਾਇਆ ਜਾਵੇ।