ਹਰਜੀਤ ਸਿੰਘ
ਜ਼ੀਰਕਪੁਰ, 4 ਸਤੰਬਰ
ਢਕੌਲੀ ਅਧੀਨ ਪੈਂਦੇ ਪਿੰਡ ਗਾਜ਼ੀਪੁਰ ਜੱਟਾਂ ਦੇ ਵਾਸੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ’ਤੇ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਗੰਦਗੀ ਸੁੱਟਣ ਦਾ ਦੋਸ਼ ਲਾਇਆ ਹੈ। ਪਿੰਡ ਵਾਸੀਆਂ ਤੇ ਰਿਹਾਇਸ਼ੀ ਕਲੋਨੀ ਵਾਸੀਆਂ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਦੇ ਅਧਿਕਾਰੀ ਬਿਨਾਂ ਉਨ੍ਹਾਂ ਦੀ ਸਹਿਮਤੀ ਦੇ ਇੱਥੇ ਡੰਪਿੰਗ ਗਰਾਊਂਡ ਬਣਾਉਣ ਦੀ ਤਿਆਰੀ ਕਰ ਰਹੇ ਹਨ।
ਪਿੰਡ ਦੇ ਵਸਨੀਕ ਰਣਜੀਤ ਸਿੰਘ ਗਾਜ਼ੀਪੁਰ, ਕਰਮੀਤ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ, ਸਰਬਜੀਤ ਸਿੰਘ, ਐਸ.ਪੀ. ਸ਼ਰਮਾ ਵਾਸੀ ਗੋਲਡਨ ਸੈਂਡ ਸੁਸਾਇਟੀ, ਧਰਮਿੰਦਰ ਸਿੰਘ, ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਦੋ ਬਿਘੇ 10 ਬਿਸਵੇ ਜ਼ਮੀਨ ਸ਼ਮਸ਼ਾਨਘਾਟ ਲਈ ਰਾਖਵੀਂ ਰੱਖੀ ਗਈ ਸੀ। ਹੁਣ ਨਗਰ ਕੌਂਸਲ ਦੇ ਅਧਿਕਾਰੀ ਇਸ ਜ਼ਮੀਨ ’ਤੇ ਡੰਪਿੰਗ ਗਰਾਊਂਡ ਬਣਾਉਣ ਦੀ ਤਿਆਰੀ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੰਘੇ ਦਿਨੀਂ ਕੌਂਸਲ ਅਧਿਕਾਰੀਆਂ ਨੇ ਇਸ ਥਾਂ ਦਾ ਦੌਰਾ ਵੀ ਕੀਤਾ ਸੀ ਜਿਸ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕੌਂਸਲ ਵੱਲੋਂ ਸ਼ਹਿਰ ਦਾ ਮੇਨ ਡੰਪਿੰਗ ਗਰਾਊਂਡ ਪਿੰਡ ਦੀ ਸ਼ਾਮਲਾਤ ਜ਼ਮੀਨ ਵਿੱਚ ਬਣਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੌਂਸਲ ਵੱਲੋਂ ਨਿਯਮਾਂ ਦੀ ਉਲੰਘਣਾ ਕਰ ਕੇ ਸੁਖਨਾ ਚੋਅ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਡੰਪਿੰਗ ਗਰਾਊਂਡ ਸ਼ਮਸ਼ਾਨਘਾਟ ਵਾਲੀ ਥਾਂ ਤੋਂ ਸਿਰਫ਼ 500 ਮੀਟਰ ਦੂਰ ਹੈ। ਇਸ ਦੇ ਬਾਵਜੂਦ ਕੌਂਸਲ ਹੋਰ ਕੂੜਾ ਸੁੱਟਣ ਦੀ ਯੋਜਨਾ ਬਣਾ ਰਹੀ ਹੈ। ਪਿੰਡ ਵਾਸੀਆਂ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ।