ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 5 ਸਤੰਬਰ
ਬਿਜਲੀ ਦੀ ਸਪਲਾਈ ਪਿਛਲੇ ਦਸ ਦਿਨਾਂ ਤੋਂ ਬੰਦ ਹੋਣ ਕਾਰਨ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਚੌਰਵਾਲਾ ਗਰਿੱਡ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਗਰਿੱਡ ਅਧੀਨ ਪੈਂਦੇ ਖਰੋੜਾ ਫੀਡਰ ਦੀ 10 ਦਿਨ ਤੋਂ ਬਿਜਲੀ ਦੀ ਸਪਲਾਈ ਬੰਦ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਪਲਾਈ ਚਾਲੂ ਕਰਨ ਲਈ ਕਰਮਚਾਰੀ ਨਹੀਂ ਹਨ। ਸ੍ਰੀ ਭੁੱਟਾ ਨੇ ਕਿਹਾ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਬਿਜਲੀ ਦੇਣ ਦੀਆਂ ਕਹਾਣੀਆਂ ਸੁਣਾ ਰਹੇ ਹਨ, ਜਦੋਂ ਕਿ ਦੂਸਰੇ ਪਾਸੇ ਬਿਜਲੀ ਬੰਦ ਹੋਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਸੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ’ਤੇ ਸਪਰੇਅ ਕਰਨ ਲਈ ਭਾਰੀ ਮੁਸ਼ਕਲ ਆ ਰਹੀ ਹੈ। ਇਸ ਮੌਕੇ ਹਾਜ਼ਰੀਨ ਨੇ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਐੱਸਐੱਚਓ ਮੁਲੇਪਰ ਰਾਜਵੰਤ ਸਿੰਘ, ਜੇਈ ਜਸਬੀਰ ਸਿੰਘ, ਐੱਸਡੀਓ ਜਸਵਿੰਦਰ ਰਾਮ ਨੇ ਬਿਜਲੀ ਚਾਲੂ ਕਰਨ ਦਾ ਭਰੋਸਾ ਦਿੱਤਾ। ਕੁਝ ਸਮੇਂ ਬਾਅਦ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ ਜਿਸ ਮਗਰੋਂ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ।