ਰਾਜਨ ਮਾਨ
ਰਮਦਾਸ, 6 ਸਤੰਬਰ
ਜੇ ਪਿਛਲੀਆਂ ਸਰਕਾਰਾਂ ਨੇ ਆਪਣੇ 70 ਸਾਲ ਦੇ ਰਾਜ ਦੌਰਾਨ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸਾਰ ਲਈ ਹੁੰਦੀ ਤਾਂ ਦਰਿਆ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੀ ਦਸ਼ਾ ਹੋਰ ਹੀ ਹੁੰਦੀ ਅਤੇ ਜਿਹੜੀਆਂ ਮੁਸ਼ਕਿਲਾਂ ਨੂੰ ਉਹ ਝੱਲ ਰਹੇ ਹਨ ਦਾ ਕਾਫ਼ੀ ਸਮਾਂ ਪਹਿਲਾਂ ਹੀ ਹੱਲ ਹੋ ਜਾਣਾ ਸੀ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਦੇ ਨਾਲ ਲਗਦੇ ਪਿੰਡ ਕੋਟ ਰਜ਼ਾਦਾ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪੱਕਾ ਪੁਲ ਨਾ ਹੋਣ ਦੀ ਸੂਰਤ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਨ ਲਈ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਨੂੰ ਪੰਜਾਬ ਸਰਕਾਰ ਵਲੋਂ ਤਜਵੀਜ਼ ਭੇਜੀ ਜਾਵੇਗੀ ਕਿ ਇਥੇ ਪੱਕਾ ਪੁਲ ਬਣਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇਥੇ ਪਹਿਲਾਂ ਪਲਟੂਨ ਪੁਲ ਬਣਾਇਆ ਹੋਇਆ ਹੈ, ਜੋ ਕਿ ਬਾਰਸ਼ਾਂ ਦੇ ਦਿਨਾਂ ਵਿੱਚ ਖੋਲ੍ਹ ਦਿੱਤਾ ਜਾਂਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲ ਪੇਸ਼ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਬਣਨ ’ਤੇ ਕਰੀਬ 20 ਕਰੋੜ ਰੁਪਏ ਦਾ ਖਰਚ ਆਵੇਗਾ, ਜੋ ਕਿ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲ ਬਣਾਉਣ ਲਈ ਸਭ ਤੋਂ ਪਹਿਲਾਂ ਕੇਂਦਰੀ ਰੱਖਿਆ ਅਤੇ ਗ੍ਰਹਿ ਮੰਤਰਾਲਿਆਂ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ, ਜਿਸ ਕਰਕੇ ਇਸ ਪੁਲ ਨੂੰ ਬਣਨ ਵਿੱਚ ਕੁਝ ਸਮਾਂ ਲਗ ਸਕਦਾ ਹੈ।