ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 6 ਸਤੰਬਰ
ਕੇਂਦਰ ਸਰਕਾਰ ਵੱਲੋਂ ਪ੍ਰਸਿੱਧ ਲੋਕ ਪੱਖੀ ਬੁੱਧੀਜੀਵੀ ਤੇ ਸਾਹਿਤਕਾਰ ਅਰੁੰਧਤੀ ਰਾਏ ਅਤੇ ਕਸ਼ਮੀਰ ਦੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ’ਤੇ 14 ਸਾਲ ਪੁਰਾਣੇ ਇਕ ਕੇਸ ਵਿੱਚ ਯੂਏਪੀਏ ਤਹਿਤ ਮੁਕੱਦਮਾ ਚਲਾਉਣ ਅਤੇ ਪਹਿਲੀ ਜੁਲਾਈ ਤੋਂ ਲਾਗੂ ਕੀਤੇ ਗਏ ਤਿੰਨ ਨਵੇਂ ਲੋਕ ਵਿਰੋਧੀ ਫੌਜਦਾਰੀ ਕਾਨੂੰਨਾਂ ਉੱਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਲੋਕ ਪੱਖੀ ਜਮਹੂਰੀ ਤੇ ਜਨਤਕ ਜਥੇਬੰਦੀਆਂ ਵੱਲੋਂ ਸਥਾਨਕ ਕੰਪਨੀ ਬਾਗ਼ ਵਿੱਚ ਸਾਂਝੀ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਮੋਦੀ ਸਰਕਾਰ ਦੇ ਦਬਾਅ ਹੇਠ ਕੌਮੀ ਜਾਂਚ ਏਜੰਸੀ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਜਮਹੂਰੀ ਕਾਰਕੁਨਾਂ, ਵਕੀਲਾਂ ਅਤੇ ਕਿਸਾਨ ਆਗੂਆਂ ’ਤੇ ਇਕ ਸਾਜ਼ਿਸ਼ ਤਹਿਤ ਛਾਪੇ ਮਾਰਨ ਦੇ ਦੋਸ਼ ਲਾਉਂਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਉੱਘੇ ਜਮਹੂਰੀ ਚਿੰਤਕ ਡਾ. ਪਰਮਿੰਦਰ ਨੇ ਕਿਹਾ ਕਿ ਜਮਹੂਰੀ ਜਥੇਬੰਦੀਆਂ ਵੱਲੋਂ ਕਿਸੇ ਵੀ ਸੂਰਤ ਵਿੱਚ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਨਵੈਨਸ਼ਨ ’ਚ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਮੰਗ ਕੀਤੀ ਗਈ ਕਿ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੌਕਤ ਹੁਸੈਨ ਵਿਰੁੱਧ ਮੁਕੱਦਮਾ ਪੂਰੀ ਤਰ੍ਹਾਂ ਵਾਪਸ ਲਿਆ ਜਾਵੇ, ਤਿੰਨ ਫ਼ੌਜਦਾਰੀ ਕਾਨੂੰਨਾਂ ਉੱਤੇ ਰੋਕ ਲਾਈ ਜਾਵੇ, ਯੂਏਪੀਏ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ, ਕੇਂਦਰੀ ਜਾਂਚ ਏਜੰਸੀਆਂ ਵੱਲੋਂ ਜਮਹੂਰੀ ਕਾਰਕੁਨਾਂ, ਵਕੀਲਾਂ ਅਤੇ ਕਿਸਾਨ ਆਗੂਆਂ ਉੱਤੇ ਨਾਜਾਇਜ਼ ਛਾਪੇ ਮਾਰਨੇ ਬੰਦ ਕੀਤੇ ਜਾਣ।
ਗੁਰਦਾਸਪੁਰ (ਜਤਿੰਦਰ ਬੈਂਸ): ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਸੂਬਿਆਂ ਅੰਦਰ ਮਾਰੇ ਜਾ ਰਹੇ ਛਾਪਿਆਂ ਖ਼ਿਲਾਫ਼ ਅੱਜ ਇੱਥੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ/ਲੈਨਿਨਵਾਦੀ) ਨਿਊ ਡੈਮੋਕਰੈਸੀ ਵੱਲੋਂ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਛਾਪੇ ਮਾਰ ਕੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਕਾਰਵਾਈ ਸੰਘੀ ਢਾਂਚੇ ’ਤੇ ਹਮਲਾ ਹੈ।
ਕਿਰਤੀ ਕਿਸਾਨ ਯੂਨੀਅਨ ਵੱਲੋਂ ਐੱਨਆਈਏ ਦੇ ਛਾਪਿਆਂ ਖ਼ਿਲਾਫ਼ ਮੁਜ਼ਾਹਰਾ
ਅਜਨਾਲਾ (ਸੁਖਦੇਵ ਸਿੰਘ): ਕਿਰਤੀ ਕਿਸਾਨ ਯੂਨੀਅਨ ਵੱਲੋਂ ਦੇਸ਼ ਭਰ ਵਿੱਚ ਲੋਕਾਂ ਦੀ ਜ਼ੁਬਾਨਬੰਦੀ ਕਰਨ, ਸੂਬਿਆਂ ਦੇ ਅਧਿਕਾਰ ਖੋਹਣ, ਕਿਸਾਨਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਵਕੀਲਾਂ ’ਤੇ ਛਾਪੇ ਮਾਰਨ ਖ਼ਿਲਾਫ਼ ਅੱਜ ਇੱਥੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ।