ਪੱਤਰ ਪ੍ਰੇਰਕ
ਰਮਦਾਸ, 6 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਪੰਚਾਇਤੀ ਅਤੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਇਸ ਸਾਲ ਦੇ ਅਖੀਰ ਤੱਕ ਹੋਣ ਦੀ ਸੰਭਾਵਨਾ ਹੈ ਅਤੇ ਸਰਕਾਰ ਇਨ੍ਹਾਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਅੱਜ ਸਰਹੱਦ ਨਾਲ ਲੱਗਦੇ ਪਿੰਡ ਕੋਟ ਰਜਾਦਾ ਦਾ ਦੌਰਾ ਕਰਨ ਮਗਰੋਂ ਗੱਲ ਕਰ ਰਹੇ ਸਨ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਪੂਰਨ ਤੌਰ ’ਤੇ ਸਫਾਇਆ ਹੋ ਚੁੱਕਾ ਹੈ, ਜਦਕਿ ਆਉਂਦੇ ਦਸੰਬਰ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਕਾਂਗਰਸ ਦਾ ਵੀ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜ ਲਏ ਹਨ ਅਤੇ ਲੋਕ ਭਗਵੰਤ ਮਾਨ ਦੀ ਸਰਕਾਰ ਦੇ ਕੀਤੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ।