ਕੁਲਦੀਪ ਸਿੰਘ
ਚੰਡੀਗੜ੍ਹ, 6 ਸਤੰਬਰ
ਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਬੀਤੇ ਦਿਨੀਂ ਪੰਜਾਬ ਵਿੱਚ ਮਾਰੇ ਗਏ ਛਾਪਿਆਂ ਖ਼ਿਲਾਫ਼ ਸੀਪੀਆਈ (ਐੱਮਐੱਲ) ਨਿਊ ਡੈਮੋਕਰੈਸੀ ਨੇ ਅੱਜ ਮੋਦੀ ਸਰਕਾਰ ਖਿਲਾਫ਼ ਜ਼ਿਲ੍ਹਾ ਕੇਂਦਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਅਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜੇ। ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ, ਦਰਸ਼ਨ ਸਿੰਘ ਖਟਕੜ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਕੇਂਦਰ ਵਿੱਚ ਭਾਵੇਂ ਲੰਗੜੀ ਸਰਕਾਰ ਹੈ ਪਰ ਮੋਦੀ ਹਕੂਮਤ ਦਾ ਫਾਸ਼ੀਵਾਦੀ ਹੱਲਾ ਖ਼ਤਮ ਨਹੀਂ ਹੋਇਆ। ਦੇਸ਼ ਭਰ ਵਿੱਚ ਆਰਐੱਸਐੱਸ ਅਤੇ ਕਾਰਪੋਰੇਟ ਦੀਆਂ ਨੀਤੀਆਂ ਖਿਲਾਫ਼ ਬੋਲਣ ਵਾਲੇ ਲੋਕਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਐੱਨਆਈਏ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ਵਿੱਚ ਛਾਪੇ ਮਾਰੇ ਗਏ। ਐੱਨਆਈਏ ਦੀ ਟੀਮ ਵਕੀਲ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ। ਇਸ ਦੌਰਾਨ ਹੋਰ ਵਕੀਲਾਂ, ਬੁੱਧੀਜੀਵੀਆਂ, ਵਿਦਿਆਰਥੀਆਂ ਤੇ ਕਿਸਾਨ ਆਗੂਆਂ ਤੋਂ ਵੀ ਪੁੱਛ-ਪੜਤਾਲ ਕੀਤੀ ਗਈ। ਐੱਨਆਈਏ ਨੂੰ ਦਿੱਤੇ ਗਏ ਇੰਨੇ ਅਧਿਕਾਰ ਭਾਰਤ ਦੇ ਸੰਘੀ ਢਾਂਚੇ ’ਤੇ ਹਮਲਾ ਹੈ। ਜਿਸ ਢੰਗ ਨਾਲ ਇਨ੍ਹਾਂ ਛਾਪਿਆਂ ਵਿੱਚ ਪੰਜਾਬ ਸਰਕਾਰ ਨੇ ਭੂਮਿਕਾ ਨਿਭਾਈ ਹੈ, ਇਹ ਉਸ ਤੋਂ ਵੀ ਵੱਧ ਖ਼ਤਰਨਾਕ ਤੇ ਸ਼ਰਮਨਾਕ ਹੈ। ਇਸ ਦੌਰਾਨ ਉਨ੍ਹਾਂ ਐੱਨਆਈਏ ਵੱਲੋਂ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਅਤੇ ਐਡਵੋਕੇਟ ਮਨਦੀਪ ਸਿੰਘ ਤੇ ਐਡਵੋਕੇਟ ਪੰਕਜ ਤਿਆਗੀ ਨੂੰ ਭੇਜੇ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ।