ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਸਤੰਬਰ
ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਿੱਚ ਵਾਧਾ ਕਰਨ ਅਤੇ 7 ਕਿਲੋਵਾਟ ਤੱਕ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲ ਰਹੀ 3 ਰੁਪਏ ਸਬਸਿਡੀ ਖਤਮ ਕਰਨ ਦੇ ਫੈਸਲੇ ਦੀ ਕਿਸਾਨ ਜਥੇਬੰਦੀਆਂ ਅਤੇ ਪਾਰਟੀਆਂ ਦੇ ਆਗੂਆਂ ਵੱਲੋਂ ਨਿਖੇਧੀ ਕੀਤੀ ਗਈ। ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦਾ ਹੋਰ ਬੋਝ ਪਾ ਦਿੱਤਾ ਗਿਆ ਹੈ। ਉਨ੍ਹਾਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਲਹਿਰਾਗਾਗਾ (ਪੱਤਰ ਪ੍ਰੇਰਕ): ਕਾਂਗਰਸ ਦੇ ਪੀਪੀਸੀ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਦੇ ਸੋਸ਼ਲ ਮੀਡੀਆ ਦੇ ਕਨਵੀਨਰ ਦੁਰਲੱਭ ਸਿੰਘ ਸਿੱਧੂ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਸਰਕਾਰ ਨੇ ਲੋਕਾਂ ’ਤੇ ਵਿੱਤੀ ਬੋਝ ਪਾ ਦਿੱਤਾ ਹੈ। ਇਸੇ ਤਰ੍ਹਾਂ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਨੇ ਵੀ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧਾ ਵਾਪਸ ਲਿਆ ਜਾਵੇ।