ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਮਹਿਲਾ ਅਤੇ ਯੁਵਾ ਮੋਰਚਾ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਖ਼ਿਲਾਫ਼ ਅੱਜ ਇੱਥੇ ਫੁਹਾਰਾ ਚੌਕ ’ਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ’ਚ 61 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ’ਚ 92 ਪੈਸੇ ਦਾ ਵਾਧਾ ਕਰਕੇ ਲੋਕਾਂ ’ਤੇ ਬੇਲੋੜਾ ਬੋਝ ਪਾਇਆ ਹੈ। ਉਨ੍ਹਾਂ ਹੋਰ ਕਿਹਾ ਕਿ ‘ਆਪ’ ਦੇ ਸੱਤਾ ’ਚ ਆਉਣ ਮਗਰੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ 3 ਰੁਪਏ ਲਿਟਰ, ਬਿਜਲੀ ਦਰਾਂ ਵਿੱਚ 3 ਰੁਪਏ ਯੂਨਿਟ ਦਾ ਵਾਧਾ ਹੋਇਆ ਹੈ। ਜਦਕਿ ਸਰਕਾਰ ਨੇ 7 ਕਿੱਲੋਵਾਟ ਤੱਕ ਬਿਜਲੀ ਸਬਸਿਡੀ ਨੂੰ ਖਤਮ ਕਰ ਦਿੱਤਾ ਹੈ। ਇਸ ਮੌਕੇ ਪ੍ਰ੍ਰਦਰਸ਼ਨਕਾਰੀਆਂ ਨੇ ਇਹ ਵਾਧੇ ਵਾਪਸ ਲੈਣ ਅਤੇ ਸਬਸਿਡੀਆਂ ਬਹਾਲ ਕਰਨ ਦੀ ਮੰਗ ਕੀਤੀ। ਬੁਲਾਰਿਆਂ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦੂਜੇ ਰਾਜਾਂ ਵਿੱਚ ਆਪਣਾ ਅਕਸ ਬਣਾਉਣ ਵਿੱਚ ਰੁੱਝੇ ਹੋਏ ਹਨ। ਜਦੋਂ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਦੁਖੀ ਹਨ। ਮੁੱਖ ਮੰਤਰੀ ਹਰਿਆਣਾ ਵਿੱਚ ਚੋਣ ਪ੍ਰਚਾਰ ਅਤੇ ਮਹਿੰਗੇ ਇਸ਼ਤਿਹਾਰਾਂ ਰਾਹੀਂ ਸਵੈ-ਪ੍ਰਚਾਰ ’ਤੇ ਜ਼ਿਆਦਾ ਧਿਆਨ ਕੇਂਦਰਤ ਕਰ ਰਹੇ ਹਨ। ਜਦੋਂ ਕਿ ਸਿਰ ਕਰਜ਼ੇ ਦੀ ਪੰਡ ਨਿਰੰਤਰ ਭਾਰੀ ਹੁੰਦੀ ਜਾ ਰਹੀ ਹੈ। ਇਸ ਮੌਕੇ ਹੋਰ ਆਗੂ ਵੀ ਮੌਜੂਦ ਸਨ।