ਪੱਤਰ ਪ੍ਰੇਰਕ
ਮਹਿਲ ਕਲਾਂ, 7 ਸਤੰਬਰ
ਸਥਾਨਕ ਕਮਿਊਨਿਟੀ ਹੈੱਲਥ ਸੈਂਟਰ ਵਿੱਚ ਡਾਕਟਰਾਂ, ਪੈਰਾ ਮੈਡੀਕਲ ਸਟਾਫ ਸਮੇਤ ਸਮੂਹ ਖ਼ਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਲਈ ਇਲਾਕੇ ਦੇ ਮਜ਼ਦੂਰਾਂ, ਕਿਸਾਨਾਂ ਵੱਲੋਂ ਸੀਐਚਸੀ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਡਾਕਟਰ ਅਤੇ ਹੋਰ ਸਟਾਫ਼ ਪੂਰਾ ਕਰਨ ਦੀ ਮੰਗ ਕੀਤੀ। ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ, ਬੀਕੇਯੂ (ਡਕੌਂਦਾ) ਦੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਮੰਗਤ ਸਿੰਘ ਸਿੱਧੂ, ਸੁਰਿੰਦਰ ਕੁਮਾਰ ਅਤੇ ਅਮਨਦੀਪ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਮਹਿਲ ਕਲਾਂ ਨੂੰ ਸਬ ਡਿਵੀਜ਼ਨ ਤਾਂ ਬਣਾ ਦਿੱਤਾ ਗਿਆ ਹੈ ਪਰ ਇਥੇ ਸਹੂਲਤ ਕੋਈ ਨਹੀਂ ਹੈ। ਹਸਪਤਾਲ ਵਿਚ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਤਾਂ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਹਕੀਕਤ ਇਹ ਹੈ ਕਿ ਸਿਹਤ ਅਤੇ ਸਿੱਖਿਆ ਸਹੂਲਤਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਡਾਕਟਰਾਂ ਦੀ ਘਾਟ ਪੂਰੀ ਨਹੀ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਧਰਨਾਕਾਰੀਆਂ ਵੱਲੋਂ ਐੱਸਐੱਮਓ ਗੁਰਤੇਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ।