ਆਤਿਸ਼ ਗੁਪਤਾ
ਚੰਡੀਗੜ੍ਹ, 8 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਤਰੀਕ ਨੇੜੇ ਆਉਣ ਦੇ ਨਾਲ-ਨਾਲ ਭਾਜਪਾ ਦੀਆਂ ਮੁਸ਼ਕਲਾਂ ਵੀ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਦਰਜਨਾਂ ਆਗੂਆਂ ਨੇ ਅਸਤੀਫ਼ਾ ਦੇ ਕੇ ਆਜ਼ਾਦ ਤੌਰ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੋਤੇ ਆਦਿੱਤਿਆ ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਕੇ ਇਨੈਲੋ ਦਾ ਪੱਲਾ ਫੜ ਲਿਆ ਹੈ। ਆਦਿੱਤਿਆ ਦਾ ਅੱਜ ਸਿਰਸਾ ਜ਼ਿਲ੍ਹੇ ਦੇ ਪਿੰਡ ਚੌਟਾਲਾ ’ਚ ਸਮਾਗਮ ਦੌਰਾਨ ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੇ ਨਾਲ ਹੀ ਆਦਿੱਤਿਆ ਚੌਟਾਲਾ ਨੂੰ ਵਿਧਾਨ ਸਭਾ ਹਲਕਾ ਡੱਬਵਾਲੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਉਹ ਭਲਕੇ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਐਲਾਨੀ ਗਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਆਦਿੱਤਿਆ ਦਾ ਨਾਮ ਨਹੀਂ ਸੀ। ਇਸ ਤੋਂ ਨਾਰਾਜ਼ ਬਾਕੀ ਸਫਾ 7 »
ਭਾਜਪਾ ਦਾ ਮੀਤ ਪ੍ਰਧਾਨ ਕਾਂਗਰਸ ’ਚ ਸ਼ਾਮਲ
ਚੰਡੀਗੜ੍ਹ: ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜੀਐੱਲ ਸ਼ਰਮਾ ਪਾਰਟੀ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ਼ਰਮਾ ਭਾਜਪਾ ਸਰਕਾਰ ਵਿੱਚ ਡੇਅਰੀ ਵਿਕਾਸ ਨਿਗਮ ਦੇ ਚੇਅਰਮੈਨ ਰਹਿ ਚੁੱਕੇ ਹਨ। ਇਸ ਦੌਰਾਨ ਗੁਰੂਗ੍ਰਾਮ ਵਿੱਚ ‘ਆਪ’ ਨੂੰ ਵੱਡਾ ਝਟਕਾ ਲੱਗਿਆ ਹੈ। ਉੱਥੇ ਸਾਬਕਾ ਵਿਧਾਇਕ ਉਮੇਸ਼ ਅਗਰਵਾਲ ਦੀ ਪਤਨੀ ਅਨੀਤਾ ਅਗਰਵਾਲ ਆਪਣੇ ਪੁੱਤਰ ਸਮਰੱਥ ਅਗਰਵਾਲ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ।