ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਬੇਮਿਆਦੀ ਭੁੱਖ ਹੜਤਾਲ ਦੇ ਅੱਠਵੇਂ ਦਿਨ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਦਿਆਂ ਜ਼ੋਰਦਾਰ ਪਿੱਟ ਸਿਆਪਾ ਕੀਤਾ। ਅੱਜ ਰੋਸ ਪ੍ਰਦਰਸ਼ਨ ਵਿਚ ਅਧਿਆਪਕ ਅਤੇ ਭਰਾਤਰੀ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।
ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਸ਼ੁਰੂ ਕੀਤੀ ਬੇਮਿਆਦੀ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਰਹੀ ਤੇ ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਕੰਪਿਊਟਰ ਅਧਿਆਪਕ ਅਤੇ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੇ ਪੱਕੇ ਮੋਰਚੇ ਵਿਚ ਸ਼ਾਮਲ ਹੋਏ। ਕੰਪਿਊਟਰ ਅਧਿਆਪਕ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਪੁੱਜੇ ਜਿਥੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ, ਜੋਨੀ ਸਿੰਗਲਾ, ਗੁਰਬਖਸ਼ ਲਾਲ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਮੇਤ ਸਾਰੇ ਆਗੂਆਂ ਵਲੋਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਵੇਗਾ ਪਰ ਹੁਣ ਹਾਲਾਤ ਇਹ ਹਨ ਕਿ ਮੁੱਖ ਮੰਤਰੀ ਵੱਲੋਂ 30 ਤੋਂ ਵੱਧ ਵਾਰ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤਾਂ ਅਤੇ ਇੱਕ ਵਾਰ ਵੀ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੇ ਹਨ।
ਸਿੱਖਿਆ ਮੰਤਰੀ ਨੇ 15 ਸਤੰਬਰ 2022 ਨੂੰ ਐਲਾਨ ਕੀਤਾ ਸੀ ਕਿ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਤੀਜੀ ਦੀਵਾਲੀ ਆਉਣ ਵਾਲੀ ਹੈ, ਅਜੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕੀਤਾ ਜਾਵੇਗਾ।
ਇਸ ਮੌਕੇ ਡੀਟੀਐਫ਼ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਲੌਂਗੋਵਾਲ, ਡੀਟੀਐੱਫ਼ ਸਬੰਧਤ ਡੀਐੱਮਐੱਫ਼ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਲਾਇਬ੍ਰੇਰੀਅਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ, ਹੈਡ ਮਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਵਿੱਚ ਹਰ ਤਰ੍ਹਾਂ ਨਾਲ ਸਾਥ ਦੇਣ ਦਾ ਐਲਾਨ ਵੀ ਕੀਤਾ। ਰੋਸ ਪ੍ਰਦਰਸ਼ਨ ਵਿਚ ਹੋਰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।