ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 8 ਸਤੰਬਰ
ਇੱਥੋਂ ਦੇ ਸੈਕਟਰ-66 ਵਿੱਚ ਪੰਜਾਬ ਮੰਡੀ ਬੋਰਡ ਅਤੇ ਮੰਦਰ ਨੇੜੇ ਪਾਰਕ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਸੈਕਟਰ ਵਾਸੀ ਸੜਕਾਂ ’ਤੇ ਉਤਰ ਆਏ ਹਨ। ਇਲਾਕੇ ਦੇ ਲੋਕਾਂ ਨੇ ਐਤਵਾਰ ਨੂੰ ਇਕੱਠੇ ਹੋ ਕੇ ਸ਼ਰਾਬ ਦਾ ਠੇਕਾ ਖੋਲ੍ਹਣ ਲਈ ਬਣਾਏ ਸ਼ੈੱਡ ਮੂਹਰੇ ਧਰਨਾ ਦਿੱਤਾ ਤੇ ਸਰਕਾਰ ਨੂੰ ਰੱਜ ਕੇ ਕੋਸਿਆ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਣੇ ਕੌਂਸਲਰ ਚਰਨ ਸਿੰਘ, ਨਰਪਿੰਦਰ ਸਿੰਘ ਰੰਗੀ ਅਤੇ ਸਮਾਜ ਸੇਵੀ ਸਿਮਰਨ ਸਿੰਘ ਵੀ ਲੋਕਾਂ ਦੀ ਹਮਾਇਤ ਵਿੱਚ ਧਰਨੇ ’ਤੇ ਬੈਠੇ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੰਡੀ ਬੋਰਡ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ, ਮੰਦਰ ਕਮੇਟੀ ਸੈਕਟਰ-66 ਦੇ ਗੋਪਾਲ, ਪ੍ਰਦੀਪ ਤ੍ਰਿਪਾਠੀ ਤੇ ਸਤਪਾਲ ਅਰੋੜਾ, ਸਤਪਾਲ ਤਿਆਗੀ, ਸੰਦੀਪ ਬੰਸਲ, ਵਿਵੇਕ ਸ਼ਰਮਾ, ਅਸ਼ੋਕ ਵਰਮਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ, ਮੀਤ ਪ੍ਰਧਾਨ ਹਰ ਫੂਲ ਸਿੰਘ, ਨੱਥਾ ਸਿੰਘ, ਗੁਰਦੀਪ ਸਿੰਘ, ਸਾਬਕਾ ਜੇਈ ਰਮੇਸ਼ ਸ਼ਰਮਾ, ਨਰਿੰਦਰ ਸਿੰਘ, ਬੇਅੰਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੇਵਕ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ, ਗੁਰਮੀਤ ਕੌਰ, ਗੁਰਦੀਪ ਸਿੰਘ, ਅਸ਼ੋਕ ਕੁਮਾਰ ਅਤੇ ਹੋਰਨਾਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਬੇਦੀ ਨੇ ਮੁਹਾਲੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਇੱਥੇ ਸ਼ਰਾਬ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਹਾਈ ਕੋਰਟ ਦਾ ਬੂਹਾ ਖੜਕਾਉਣਗੇ। ਇਸ ਤੋਂ ਪਹਿਲਾਂ ਵੀ ਬੇਦੀ ਨੇ ਗਰੀਨ ਬੈਲਟਾਂ ’ਚੋਂ ਸ਼ਰਾਬ ਦੇ ਠੇਕੇ ਚੁੱਕਵਾਉਣ ਲਈ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ ਅਤੇ ਬਾਅਦ ਗਰੀਨ ਬੈਲਟਾਂ ’ਚੋਂ ਸ਼ਰਾਬ ਦੇ ਠੇਕੇ ਚੁੱਕੇ ਗਏ ਸਨ। ਡਿਪਟੀ ਮੇਅਰ ਨੇ ਕਿਹਾ ਕਿ ਇਹ ਠੇਕਾ ਇਲਾਕੇ ਦੀਆਂ ਵੱਖ-ਵੱਖ ਵੈੱਲਫੇਅਰ ਐਸੋਸੀਏਸ਼ਨਾਂ ਦੀ ਐਨਓਸੀ ਲਏ ਬਿਨਾਂ ਹੀ ਖੋਲ੍ਹਿਆ ਜਾ ਰਿਹਾ ਸੀ। ਇਸ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਕਾਬਿਲੇਗ਼ੌਰ ਹੈ ਕਿ ਇੱਥੇ ਨੇੜਿਓਂ ਹਾਈ ਟੈਂਸ਼ਨ ਤਾਰਾਂ ਵੀ ਲੰਘ ਰਹੀਆਂ ਹਨ, ਜਿਸ ਕਾਰਨ ਇੱਥੇ ਠੇਕਾ ਖੋਲ੍ਹਣਾ ਖ਼ਤਰਨਾਕ ਹੈ।
ਸੂਚਨਾ ਮਿਲਦਿਆਂ ਹੀ ਪੁਲੀਸ ਕਰਮਚਾਰੀ ਵੀ ਉੱਥੇ ਪਹੁੰਚ ਗਏ ਅਤੇ ਲੋਕਾਂ ਨੂੰ ਭਰੋਸਾ ਦਿੰਦਿਆਂ ਇਹ ਜ਼ਿੰਮੇਵਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਰਹੀ ਹੈ ਅਤੇ ਇੱਥੇ ਠੇਕਾ ਨਹੀਂ ਖੋਲ੍ਹਣ ਦਿੱਤਾ ਜਾਵੇਗਾ। ਥਾਣਾ ਮੁਖੀ ਦੇ ਭਰੋਸੇ ਤੋਂ ਬਾਅਦ ਲੋਕਾਂ ਨੇ ਧਰਨਾ ਖ਼ਤਮ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇ ਠੇਕਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਲੜੀਵਾਰ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਗੇ।