ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਸਤੰਬਰ
ਕੱਥੂਨੰਗਲ ਟੌਲ ਪਲਾਜ਼ਾ ਨੇੜੇ ਇੱਕ ਨਾਮੀ ਰੇਸਤਰਾਂ ਵਿੱਚ ਬਰਗਰ ਦੇਣ ਵਿੱਚ ਦੇਰੀ ਕਾਰਨ ਤਕਰਾਰ ਹੋ ਗਈ ਜਿਸ ਤੋਂ ਬਾਅਦ ਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਿਸ ਦੀ ਸ਼ਨਾਖਤ ਸੁਰਜੀਤ ਸਿੰਘ ਵਜੋਂ ਹੋਈ ਹੈ ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੁਰਜੀਤ ਸਿੰਘ ਨੇ ਕੱਥੂਨੰਗਲ ਟੌਲ ਪਲਾਜ਼ਾ ਨੇੜੇ ਕੇਐਫਸੀ ਵਿੱਚ ਬਰਗਰ ਆਰਡਰ ਕੀਤਾ ਸੀ ਪਰ ਬਰਗਰ ਨਾ ਮਿਲਣ ’ਤੇ ਜਦੋਂ ਉਸ ਨੇ ਇਸ ਦੀ ਸ਼ਿਕਾਇਤ ਮੈਨੇਜਰ ਨੂੰ ਕੀਤੀ ਤਾਂ ਉਥੋਂ ਦੇ ਮੁਲਾਜ਼ਮ ਗੁਰਸ਼ਰਨ ਸਿੰਘ ਨੇ ਆਪਣੇ ਪਿਤਾ ਕੰਵਲਜੀਤ ਸਿੰਘ ਨੂੰ ਸੱਦ ਲਿਆ ਜੋ ਸਾਬਕਾ ਫੌਜੀ ਹੈ। ਇਸ ਮਾਮਲੇ ਵਿੱਚ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ ਤਾਂ ਨੌਜਵਾਨ ਦੇ ਪਿਤਾ ਕੰਵਲਜੀਤ ਸਿੰਘ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਚਲਾ ਦਿੱਤੀ ਜਿਸ ਨਾਲ ਗਾਹਕ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪੁਲੀਸ ਨੇ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਹੈ। ਪੁਲੀਸ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਕੇਐਫਸੀ ਰੈਸਟੋਰੈਂਟ ਦੇ ਬੁਲਾਰੇ ਨੇ ਰੈਸਟੋਰੈਂਟ ਕੰਪਲੈਕਸ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀ ਹੋਏ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ ਤੇ ਮੌਕੇ ’ਤੇ ਮੌਜੂਦ ਵਿਅਕਤੀਆਂ ਦੇ ਬਿਆਨ ਵੀ ਲਏ ਗਏ ਹਨ।